ਅਤਿਵਾਦ ਫੰਡਿੰਗ ਮਾਮਲਾ: ਸੁਪਰੀਮ ਕੋਰਟ ਵੱਲੋਂ ਸ਼ਬੀਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 7 ਨੂੰ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਤਿਵਾਦ ਫੰਡਿੰਗ ਮਾਮਲੇ ਵਿੱਚ ਕਸ਼ਮੀਰੀ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ 7 ਜਨਵਰੀ ਨੂੰ ਸੁਣਵਾਈ ਕਰੇਗੀ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ NIA (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ)...
ਜ਼ਿਕਰਯੋਗ ਹੈ ਕਿ ਸ਼ਾਹ ਨੇ ਇਸ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ 12 ਜੂਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। NIA ਨੇ ਇਸ ਮਾਮਲੇ 'ਤੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੁਆਰਾ ਬਹਿਸ ਕਰਨ ਲਈ ਸਮਾਂ ਮੰਗਿਆ। ਅਦਾਲਤ ਨੂੰ ਦੱਸਿਆ ਗਿਆ ਕਿ ਹੁਣ ਤੱਕ ਲਗਪਗ 30 ਗਵਾਹਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਦੋਂ ਕਿ ਕੁੱਲ 248 ਗਵਾਹ ਹਨ।
ਸ਼ਾਹ ਨੂੰ 2019 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਹਵਾਲਾ ਲੈਣ-ਦੇਣ, ਕਰਾਸ-ਐਲ.ਓ.ਸੀ. (Cross-LoC) ਵਪਾਰ ਰਾਹੀਂ ਫੰਡ ਇਕੱਠਾ ਕਰਨ ਅਤੇ ਜੰਮੂ-ਕਸ਼ਮੀਰ ਵਿੱਚ ਵੱਖਵਾਦੀ ਤੇ ਅਤਿਵਾਦੀ ਗਤੀਵਿਧੀਆਂ ਨੂੰ ਵਧਾਉਣ ਦਾ ਦੋਸ਼ ਹੈ।
ਇਸ ਤੋਂ ਪਹਿਲਾ ਦਿੱਲੀ ਹਾਈ ਕੋਰਟ ਨੇ ਸ਼ਾਹ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਅਦਾਲਤ ਨੇ ਨੋਟ ਕੀਤਾ ਕਿ ਉਨ੍ਹਾਂ ਦੇ ਇਸੇ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਉਹ ਜੰਮੂ ਅਤੇ ਕਸ਼ਮੀਰ ਡੈਮੋਕ੍ਰੇਟਿਕ ਫ੍ਰੀਡਮ ਪਾਰਟੀ ਦਾ ਚੇਅਰਮੈਨ ਹੈ, ਜਿਸ ਨੂੰ ਇੱਕ ਗੈਰ-ਕਾਨੂੰਨੀ ਸੰਗਠਨ ਮੰਨਿਆ ਗਿਆ ਹੈ।

