ਸ੍ਰੀਨਗਰ, 27 ਸਤੰਬਰ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਅਤਿਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਦੋ ਮੈਂਬਰ ਮਾਰੇ ਗਏ। ਪੁਲੀਸ ਦੇ ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਅਤਿਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆਂ ਬਲਾਂ ਨੇ ਕੁਲਗਾਮ ਦੇ ਅਹਿਵਾਤੂ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਵਿੱਚ ਦੋਵੇਂ ਅਤਿਵਾਦੀ ਮਾਰੇ ਗਏ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਛਾਣ ਮੁਹੰਮਦ ਸ਼ਾਫ਼ੀ ਗ਼ਨੀ ਅਤੇ ਮੁਹੰਮਦ ਆਸਿਫ਼ ਵਾਨੀ ਵਜੋਂ ਹੋਈ ਹੈ। ਘਟਨਾ ਸਥਾਨ ਤੋਂ ਦੋ ਏਕੇ 47 ਰਾਈਫਲ ਤੇ ਗੋਲੀ-ਸਿੱਕਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਟਪੋਰਾ ਪਿੰਡ ਵਿੱਚ ਹੋਏ ਮੁਕਾਬਲੇ ਦੌਰਾਨ ਦੋ ਨਾਗਰਿਕ ਤੇ ਇੱਕ ਜਵਾਨ ਵੀ ਜ਼ਖ਼ਮੀ ਹੋ ਗਏ।