ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ (60) ਨੂੰ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ਲਈ ਸੀਆਰਪੀਐੱਫ ਦੇ ਕਮਾਂਡੋ ਤਾਇਨਾਤ ਕੀਤੇ ਜਾਣਗੇ। ਸੂਤਰਾਂ ਅਨੁਸਾਰ ਇਸ ਸੁਰੱਖਿਆ ਕਵਰ ਲਈ ਅਡਾਨੀ ਗਰੁੱਪ ਨੂੰ ਅਦਾਇਗੀ ਵੀ ਕਰਨੀ ਪਏਗੀ ਜੋ ਕਿ ਹਰ ਮਹੀਨੇ 15 ਤੋਂ 20 ਲੱਖ ਰੁਪਏ ਬਣਦੀ ਹੈ। ਜ਼ਿਕਰਯੋਗ ਹੈ ਕਿ ਗੌਤਮ ਅਡਾਨੀ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਰਿਪੋਰਟ ਤਿਆਰ ਕੀਤੀ ਸੀ ਜਿਸ ਦੇ ਆਧਾਰ ’ਤੇ ਇਸ ਅਰਬਪਤੀ ਕਾਰੋਬਾਰੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਹਦਾਇਤ ਕੀਤੀ ਹੈ ਕਿ ਗੌਤਮ ਅਡਾਨੀ ਦੀ ਸੁਰੱਖਿਆ ਦਾ ਕਾਰਜਭਾਰ ਜਲਦੀ ਸੰਭਾਲ ਲਿਆ ਜਾਵੇ। ਇਹ ਵੀ ਦੱਸਣਯੋਗ ਹੈ ਕਿ ਰਿਲਾਇੰਸ ਇੰਡੀਆ ਲਿਮਟਿਡ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਕੇਂਦਰ ਸਰਕਾਰ ਨੇ ਵਰ੍ਹਾ 2013 ਵਿੱਚ ‘ਜ਼ੈਡ-ਪਲੱਸ’ ਸੁਰੱਖਿਆ ਮੁਹੱਈਆ ਕਰਵਾਈ ਸੀ। -ਪੀਟੀਆਈ