ਨਵੀਂ ਦਿੱਲੀ, 7 ਸਤੰਬਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਹੇਠਲੇ ਧੜੇ ਵੱਲੋਂ ਸ਼ਿਵ ਸੈਨਾ ’ਤੇ ਜਤਾਏ ਗਏ ਦਾਅਵੇ ਖ਼ਿਲਾਫ਼ ਊਧਵ ਠਾਕਰੇ ਧੜੇ ਵੱਲੋਂ ਦਾਖ਼ਲ ਅਰਜ਼ੀ ’ਤੇ ਸੁਪਰੀਮ ਕੋਰਟ ਦੇ ਪੰਜ ਜੱਜਾਂ ’ਤੇ ਆਧਾਰਿਤ ਸੰਵਿਧਾਨਕ ਬੈਂਚ ਵੱਲੋਂ 27 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਵੱਲੋਂ ਮਹਾਰਾਸ਼ਟਰ ’ਚ ਕੁਝ ਮਹੀਨੇ ਪਹਿਲਾਂ ਪੈਦਾ ਹੋਏ ਸਿਆਸੀ ਸੰਕਟ ਨਾਲ ਸਬੰਧਤ ਮੁੱਦਿਆਂ ’ਤੇ ਸੁਣਵਾਈ ਕੀਤੀ ਜਾ ਰਹੀ ਹੈ। ਸ਼ਿੰਦੇ ਧੜੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨੀਰਜ ਕਿਸ਼ਨ ਕੌਲ ਨੇ ਬੈਂਚ ਨੂੰ ਦੱਸਿਆ ਕਿ ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨ ਨੂੰ ਕੋਈ ਫ਼ੈਸਲਾ ਲੈਣ ਤੋਂ ਨਹੀਂ ਰੋਕਿਆ ਜਾ ਸਕਦਾ ਹੈ। ਊਧਵ ਠਾਕਰੇ ਧੜੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸਿਖਰਲੀ ਬੈਂਚ ਨੇ ਜ਼ੁਬਾਨੀ ਤੌਰ ’ਤੇ ਚੋਣ ਕਮਿਸ਼ਨ ਨੂੰ ਕੋਈ ਸਖ਼ਤ ਕਾਰਵਾਈ ਨਾ ਕਰਨ ਲਈ ਕਿਹਾ ਸੀ। -ਪੀਟੀਆਈ