ਤਿਰੂਵਨੰਤਪੁਰਮ, 18 ਅਕਤੂਬਰ
ਕੇਰਲਾ ਵਿਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ ਵਧ ਕੇ 38 ਹੋ ਗਈ ਹੈ। ਇਸ ਕਾਰਨ ਵਿਰੋਧੀ ਧਿਰ ਕਾਂਗਰਸ ਨੇ ਪਿਨਾਰਾਈ ਵਿਜਯਨ ਸਰਕਾਰ ਨੂੰ ਲੋਕਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਠਹਿਰਾਇਆ ਹੈ। ਕਾਂਗਰਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰੀ ਮੀਂਹ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਨਹੀਂ ਕੀਤੇ। ਦੂਜੇ ਪਾਸੇ ਸੂਬਾ ਸਰਕਾਰ ਨੇ ਕਿਹਾ ਹੈ ਕਿ ਉਹ ਬਚਾਅ ਕਾਰਜਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਵਿਰੋਧੀ ਧਿਰ ਦੇ ਆਗੂ ਵੀ ਡੀ ਸਾਥੀਸਨ ਨੇ ਐਤਵਾਰ ਨੂੰ ਇਦੁੱਕੀ ਤੇ ਕੋਟਾਯਮ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਾਰਤੀ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ ਕਰਨ ਦੇ ਬਾਵਜੂਦ ਰਾਜ ਸਰਕਾਰ ਅਗਾਊਂ ਪ੍ਰਬੰਧ ਕਰਨ ਵਿਚ ਨਾਕਾਮ ਰਹੀ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੇ ਦੱਸਿਆ ਕਿ ਬਚਾਅ ਟੀਮਾਂ ਬਹੁਤ ਦੇਰੀ ਨਾਲ ਪੁੱਜੀਆਂ ਜਿਸ ਕਾਰਨ ਮੌਤਾਂ ਦੀ ਗਿਣਤੀ ਵਧ ਗਈ। ਮੱਧ ਪ੍ਰਦੇਸ਼ ਵਿਚ ਪਿਛਲੇ ਚੌਵੀਂ ਘੰਟਿਆਂ ਵਿਚ ਭਾਰੀ ਮੀਂਹ ਪਿਆ ਤੇ ਬਿਜਲੀ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਭਾਰਤੀ ਮੌਸਮ ਵਿਭਾਗ ਨੇ ਤਾਮਿਲਨਾਡੂ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਇਲਾਵਾ ਉਤਰਾਖੰਡ ਵਿਚ ਵੀ ਲਗਾਤਾਰ ਮੀਂਹ ਪੈਣ ਕਾਰਨ ਚਾਰਧਾਮ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ। ਮੌਸਮ ਵਿਭਾਗ ਨੇ ਪੱਛਮੀ ਬੰਗਾਲ ਵਿਚ ਵੀ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਦੂਜੇ ਪਾਸੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਪਾਣੀ ਨਾਲ ਨੱਕੋ ਨੱਕ ਭਰੇ ਡੈਮਾਂ ਦੇ ਗੇਟ ਖੋਲ੍ਹਣ ’ਤੇ ਵੀ ਚਰਚਾ ਕੀਤੀ ਗਈ। ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਇਦੁੱਕੀ, ਕੋਟਾਯਮ ਤੇ ਹੋਰ ਖੇਤਰਾਂ ਵਿਚੋਂ 4000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਕੇਰਲ ਦੇ ਮੰਤਰੀ ਕੇ ਰਾਜਨ ਨੇ ਦੱਸਿਆ ਕਿ 10 ਡੈਮਾਂ ਲਈ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਥੋਂ ਦੇ ਕੱਕੀ ਡੈਮ ਦੇ ਦੋ ਗੇਟ ਖੋਲ੍ਹ ਦਿੱਤੇ ਗਏ ਹਨ। ਸਰਕਾਰ ਨੇ ਸਬਰੀਮਾਲਾ ਭਗਵਾਨ ਅਈਅੱਪਾ ਮੰਦਰ ਦੀ ਤੀਰਥ ਯਾਤਰਾ ’ਤੇ ਰੋਕ ਲਾ ਦਿੱਤੀ ਹੈ। ਦੂਜੇ ਪਾਸੇ ਪੱਛਮੀ ਉਤਰ ਪ੍ਰਦੇਸ਼ ਵਿਚ ਭਾਰੀ ਮੀਂਹ ਪੈਣ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ। -ਏਜੰਸੀ
ਹੜ੍ਹਾਂ ਕਾਰਨ ਹੋਈਆਂ ਮੌਤਾਂ ਤੋਂ ਦਲਾਈਲਾਮਾ ਫ਼ਿਕਰਮੰਦ
ਤਿੱਬਤ ਦੇ ਧਾਰਮਿਕ ਗੁਰੂ ਦਲਾਈਲਾਮਾ ਨੇ ਕੇਰਲਾ ਵਿਚ ਹੜ੍ਹਾਂ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੀੜਤਾਂ ਦੇ ਮੁੜ ਵਸੇਬੇ ਲਈ ਆਰਥਿਕ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੇ ਬਚਾਅ ਟੀਮਾਂ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਯਤਨ ਕਰ ਰਹੀਆਂ ਹਨ ਤੇ ਉਹ ਵੀ ਹਰ ਸਹਿਯੋਗ ਕਰਨ ਲਈ ਤਿਆਰ ਹਨ।
ਕੇਂਦਰ ਸਰਕਾਰ ਵਲੋਂ ਸਹਾਇਤਾ ਦੀ ਪੇਸ਼ਕਸ਼
ਕੇਰਲਾ ਵਿਚ ਹੜ੍ਹਾਂ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਮੌਤਾਂ ਦੀ ਗਿਣਤੀ ਵਧ ਰਹੀ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਹਾਲਾਤ ’ਤੇ ਨਜ਼ਰ ਰੱਖ ਰਹੀ ਹੈ ਤੇ ਸੂਬਾ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਕੌਮੀ ਆਫਤ ਪ੍ਰਬੰਧਨ ਦੀਆਂ 11 ਟੀਮਾਂ ਰਾਹਤ ਕਾਰਜਾਂ ਵਿਚ ਜੁੱਟ ਗਈਆਂ ਹਨ।