ਪਟਨਾ, 19 ਨਵੰਬਰ
ਹਮੇਸ਼ਾ ਤਿੰਨ ਖੇਤੀ ਕਾਨੂੰਨਾਂ ਦੇ ਪੱਖ ’ਚ ਗੱਲ ਕਰਨ ਵਾਲੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਸਬੰਧੀ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਿਆ ਗਿਆ ਹੈ ਤੇ ਇਸ ਪ੍ਰਤੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਸਨ ਪਰ ਕੇਂਦਰ ਸਰਕਾਰ ਇਨ੍ਹਾਂ ਦੇ ਇੱਕ ਹਿੱਸੇ ਨੂੰ ਸੰਤੁਸ਼ਟ ਨਹੀਂ ਕਰ ਸਕੀ। ਮੁੱਖ ਮੰਤਰੀ ਨੇ ਕਿਹਾ,‘ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਸੰਸਦ ਵਿੱਚ ਪਾਸ ਕਰਵਾ ਲਏ ਸਨ। ਇਹ ਪ੍ਰਧਾਨ ਮੰਤਰੀ ਦਾ ਫ਼ੈਸਲਾ ਸੀ। ਹੁਣ, ਉਨ੍ਹਾਂ ਖ਼ੁਦ ਹੀ ਐਲਾਨ ਕੀਤਾ ਹੈ ਕਿ ਸੰਸਦ ਦੇ ਅਗਲੇ ਸੈਸ਼ਨ ਵਿੱਚ ਇਨ੍ਹਾਂ ਨੂੰ ਵਾਪਸ ਲੈ ਲਿਆ ਜਾਵੇਗਾ। ਇਹ ਉਨ੍ਹਾਂ ਦਾ ਫ਼ੈਸਲਾ ਹੈ। ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਹੋ ਸਕਦੀ।’ ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂਨਾਈਟਡ) ਬਿਹਾਰ ਅਤੇ ਕੇਂਦਰ ਵਿੱਚ ਭਾਜਪਾ ਦੀ ਭਾਈਵਾਲ ਹੈ। -ਪੀਟੀਆਈ