ਨਵੀਂ ਦਿੱਲੀ, 16 ਅਗਸਤ
ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ‘ਆਪ’ ਆਗੂ ਸਤੇਂਦਰ ਜੈਨ ਨੂੰ ਅਯੋਗ ਕਰਾਰ ਦਿੱਤੇ ਜਾਣ ਸਬੰਧੀ ਲੋਕ ਹਿੱਤ ਪਟੀਸ਼ਨ ’ਤੇ ਫ਼ੈਸਲਾ ਦਿੱਲੀ ਹਾਈ ਕੋਰਟ ਨੇ ਰਾਖ਼ਵਾਂ ਰੱਖ ਲਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਵਿਧਾਇਕ ਦਾ ‘ਦਿਮਾਗੀ ਸੰਤੁਲਨ ਠੀਕ ਨਹੀਂ ਹੈ’ ਤੇ ਇਸ ਲਈ ਉਸ ਨੂੰ ਵਿਧਾਨ ਸਭਾ ਦੇ ਮੈਂਬਰ ਤੇ ਮੰਤਰੀ ਵਜੋਂ ਅਯੋਗ ਕਰਾਰ ਦਿੱਤਾ ਜਾਵੇ। ਪਟੀਸ਼ਨਕਰਤਾ ਨੂੰ ਸੁਣਨ ਤੋਂ ਬਾਅਦ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਢੁਕਵੇਂ ਹੁਕਮ ਦੇਵੇਗੀ। ਪਟੀਸ਼ਨਕਰਤਾ ਨੇ ਹਾਈ ਕੋਰਟ ’ਚ ਕਿਹਾ ਕਿ ਹੇਠਲੀ ਅਦਾਲਤ ਵਿਚ ਦੇਖਿਆ ਗਿਆ ਸੀ ਕਿ ਜੈਨ ਨੇ ‘ਆਪਣੀ ਯਾਦਾਸ਼ਤ ਗੁਆਚਣ ਬਾਰੇ ਮੰਨਿਆ ਸੀ, ਤੇ ਇਸ ਲਈ ਉਨ੍ਹਾਂ ਨੂੰ ਵਿਧਾਇਕ ਬਣੇ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’ ਪਟੀਸ਼ਨਕਰਤਾ ਆਸ਼ੀਸ਼ ਕੁਮਾਰ ਸ੍ਰੀਵਾਸਤਵ ਨੇ ਕਿਹਾ ਕਿ ਜੈਨ ਨੇ ‘ਖ਼ੁਦ ਈਡੀ ਅੱਗੇ ਮੰਨਿਆ ਸੀ ਕਿ ਉਨ੍ਹਾਂ ਦੀ ਯਾਦਾਸ਼ਤ ਚਲੀ ਗਈ ਹੈ’। -ਪੀਟੀਆਈ