ਬਲੀਆ (ਯੂਪੀ): ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ ਨੇ ਆਪਣੀ ਹੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨ ਅੰਦੋਲਨ ਸ਼ੁਰੂ ਹੋਣ ਦੇ 30 ਦਿਨਾਂ ਦੇ ਅੰਦਰ ਹੀ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਂਦੀ ਤਾਂ 700 ਕਿਸਾਨਾਂ ਦੀ ਮੌਤ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਜਿੱਥੇ ਇਕ ਪਾਸੇ ਖੁਸ਼ੀ ਦਾ ਪ੍ਰਤੀਕ ਹੈ, ਉੱਥੇ ਹੀ ਦੂਜੇ ਪਾਸੇ ਲੇਟ ਲਤੀਫੀ ਵੀ ਹੈ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਕਿਹਾ। ਰਾਮ ਇਕਬਾਲ ਸਿੰਘ ਉੱਤਰ ਪ੍ਰਦੇਸ਼ ਵਿਚ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਹਨ। ਦੇਸ਼ ਦੀ ਆਜ਼ਾਦੀ ਬਾਰੇ ਕੀਤੀ ਗਈ ਟਿੱਪਣੀ ਲਈ ਉਨ੍ਹਾਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਨਚਲੀ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਸ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਲਗਾਉਣਾ ਚਾਹੀਦਾ ਹੈ। -ਪੀਟੀਆਈ