ਟ੍ਰਬਿਿਨ ਨਿਊਜ਼ ਸਰਵਿਸ
ਨਵੀਂ ਦਿੱਲੀ, 26 ਅਗਸਤ
ਸਰਕਾਰ ਨੇ ਵੀਰਵਾਰ ਨੂੰ ਅਫ਼ਗ਼ਾਨਿਸਤਾਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਦੌਰਾਨ ਨੇਤਾਵਾਂ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਸਰਕਾਰ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿੱਚ ਹਾਲਾਤ ਬੇਹੱਦ ਗੰਭੀਰ ਹਨ ਤੇ ਭਾਰਤ ਸਰਕਾਰ ਦੀ ਪ੍ਰਮੁੱਖਤਾ ਆਪਣੇ ਨਾਗਰਿਕਾਂ ਨੂੰ ਉਥੋਂ ਕੱਢਣ ਦੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਨੇਤਾਵਾਂ ਨੂੰ ਪਿਛਲੇ ਹਫਤੇ ਤਾਲਿਬਾਨ ਦੇ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਅਫ਼ਗ਼ਾਨਿਸਤਾਨ ਦੀ ਤਾਜ਼ਾ ਸਥਿਤੀ ਬਾਰੇ ਦੱਸਿਆ। ਸ੍ਰੀ ਜੈਸ਼ੰਕਰ ਤੋਂ ਇਲਾਵਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿੱਚ ਸਦਨ ਦੇ ਨੇਤਾ ਪੀਯੂਸ਼ ਗੋਇਲ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੀ ਸੰਸਦ ਭਵਨ ਦੀ ਅਨੈਕਸੀ ਵਿੱਚ ਹੋਈ ਮੀਟਿੰਗ ਦੌਰਾਨ ਹਾਜ਼ਰ ਸਨ। ਮੀਟਿੰਗ ’ਚ ਐੱਨਸੀਪੀ ਦੇ ਨੇਤਾ ਸ਼ਰਦ ਪਵਾਰ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ, ਡੀਐੱਮਕੇ ਦੇ ਟੀਆਰ ਬਾਲੂ, ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਅਤੇ ਅਪਨਾ ਦਲ ਦੀ ਅਨੁਪ੍ਰਿਆ ਪਟੇਲ ਸ਼ਾਮਲ ਸਨ।