ਬੰਗਲੂਰੂ/ਨਵੀਂ ਦਿੱਲੀ, 17 ਜੁਲਾਈ
ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਆਪਣੇ ਦੋ ਰੋਜ਼ਾ ਦਿੱਲੀ ਦੌਰੇ ਨੂੰ ਸਫ਼ਲ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਨੂੰ ਕਿਹਾ ਹੈ ਅਤੇ ਰਾਜ ’ਚ ਲੀਡਰਸ਼ਿਪ ’ਚ ਤਬਦੀਲੀ ਬਾਰੇ ਕੋਈ ਗੱਲਬਾਤ ਨਹੀਂ ਹੋਈ ਹੈ। ਯੇਦੀਯੁਰੱਪਾ ਨੇ ਅੱਜ ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ। ਬੀਤੇ ਦਿਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਨਵੀਂ ਦਿੱਲੀ ਤੋਂ ਮੁੜਨ ਮਗਰੋਂ ਯੇਦੀਯੁਰੱਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਕੇਂਦਰੀ ਆਗੂਆਂ ਨੇ ਮੈਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਿਹਾ ਹੈ। ਇਹ ਸਾਡਾ ਫਰਜ਼ ਹੈ ਕਿ ਅਸੀਂ ਸਮੇਂ-ਸਮੇਂ ’ਤੇ ਉਨ੍ਹਾਂ ਦੀਆਂ ਹਦਾਇਤਾਂ ਦਾ ਪਾਲਣ ਕਰੀਏ। ਲੀਡਰਸ਼ਿਪ ’ਚ ਤਬਦੀਲੀ ਦਾ ਸਵਾਲ ਹੀ ਨਹੀਂ ਹੈ।’ ਇਸ ਤੋਂ ਪਹਿਲੇ ਦਿਨ ਯੇਦੀਯੁਰੱਪਾ ਨੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀਆਂ ਖ਼ਬਰਾਂ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਇਸ ’ਚ ਕੋਈ ਸੱਚਾਈ ਨਹੀਂ ਹੈ। ਇਸ ਤੋਂ ਪਹਿਲਾਂ ਅੱਜ ਦਿਨੇ ਉਨ੍ਹਾਂ ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ। ਨੱਢਾ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ, ‘ਉਨ੍ਹਾਂ ਕਰਨਾਟਕ ਦੀ ਸੱਤਾ ’ਚ ਭਾਜਪਾ ਦੀ ਵਾਪਸੀ ’ਤੇ ਵਿਸ਼ੇਸ਼ ਜ਼ੋਰ ਦਿੱਤਾ।’ -ਪੀਟੀਆਈ