ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸਿੱਖਾਂ ਦੇ ਘਰੇਲੂ ਉਡਾਣਾਂ ’ਤੇ 6 ਇੰਚ (ਹੱਥੀ ਸਣੇ 9 ਇੰਚ) ਤੱਕ ਦੇ ਗਾਤਰੇ ਨਾਲ ਸਫ਼ਰ ਕਰਨ ਦੇ ਫੈਸਲੇ ’ਤੇ ਰੋਕ ਲਾਉਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ’ਤੇ ਕੋਈ ਅੰਤਰਿਮ ਹੁਕਮ ਜਾਰੀ ਕਰਨ ਤੋੋਂ ਨਾਂਹ ਕਰ ਦਿੱਤੀ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਿਵਲ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਡਾਇਰੈਕਟਰ ਜਨਰਲ (ਡੀਜੀਸੀਏ) ਅਤੇ ਡੀਜੀ ਬਿਊਰੋ ਆਫ਼ ਸਿਵਲ ਐਵੀਏਸ਼ਨ ਸਕਿਓਰਿਟੀ ਨੂੰ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ਨੂੰ 15 ਦਸੰਬਰ ਤੱਕ ਅੱਗੇ ਪਾ ਦਿੱਤਾ। ਬੈਂਚ, ਜਿਸ ਵਿੱਚ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਸ਼ਾਮਲ ਸਨ, ਨੇ ਅਧਿਕਾਰੀਆਂ ਨੂੰ ਅੱਠ ਹਫ਼ਤਿਆਂ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਡਵੋਕੇਟ ਹਰਸ਼ ਵਿਭੋਰ ਸਿੰਘਲ ਵੱਲੋਂ ਦਾਇਰ ਪਟੀਸ਼ਨ ਵਿੱਚ ਇਸ ਮਸਲੇ ਦੇ ‘ਵਿਹਾਰਕ ਹੱਲ’ ਲਈ ਕਮੇਟੀ ਗਠਿਤ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਵਾਈ ਸਫ਼ਰ ਦੌਰਾਨ ਜਿਹੜੀ ਕਿਰਪਾਨ/ਗਾਤਰਾ ਨਾਲ ਲਿਜਾਣ ਦੀ ਇਜਾਜ਼ਤ ਹੋਵੇ ਉਹ ‘ਢੁੱਕਵੇਂ ਤਰੀਕੇ ਨਾਲ ਡਿਜ਼ਾਈਨ ਤੇ ਤਿਆਰ’ ਕੀਤੀ ਜਾਵੇ ਤੇ ਇਸ ਦੇ ਬਲੇਡ ਦੀ ਲੰਬਾਈ 4 ਸੈਂਟੀਮੀਟਰ ਤੋਂ ਵੱਧ ਨਾ ਹੋਵੇ। -ਪੀਟੀਆਈ