ਨਵੀਂ ਦਿੱਲੀ, 13 ਸਤੰਬਰ
ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਸਾਂਝੀਆਂ ਰੈਲੀਆਂ ਸ਼ੁਰੂ ਕਰਨ ਦਾ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਸੀਟਾਂ ਦੀ ਵੰਡ ਬਾਰੇ ਗੱਲਬਾਤ ਛੇਤੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਜਾਤੀ ਜਨਗਨਣਾ ਨਾਲ ਸਬੰਧਤ ਮੁੱਦਿਆਂ ਨੂੰ ਚੁੱਕਣਗੇ। ‘ਇੰਡੀਆ’ ਦੀ ਤਾਲਮੇਲ ਕਮੇਟੀ ਦੀ ਇਥੇ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਦੀ ਰਿਹਾਇਸ਼ ’ਤੇ ਹੋਈ ਪਲੇਠੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਦੌਰਾਨ ਕਮੇਟੀ ਦੇ 14 ’ਚੋਂ 12 ਮੈਂਬਰ ਹਾਜ਼ਰ ਸਨ।