ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਜੂਨ
ਇੱਥੇ ਪੰਜਾਬੀ ਬਾਗ ਦੇ ਇਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ।
ਸ੍ਰੀ ਸਿਰਸਾ ਨੇ ਕਿਹਾ, ‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਤੁਰੰਤ ਐੱਸਡੀਐੱਮਸੀ ਦੇ ਕਮਿਸ਼ਨਰ ਗਣੇਸ਼ ਭਾਰਤੀ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਤੇ ਇਹ ਮਾਡਲ ਕਿਸੇ ਵੀ ਤਰੀਕੇ ਪ੍ਰਵਾਨ ਨਹੀਂ ਹੋ ਸਕਦਾ। ਅਜਿਹਾ ਮਾਡਲ ਬਣਾਉਣਾ ਮਹਾਪਾਪ ਹੈ। ਪਾਰਕ ਵਿਚ ਕੁਤਬ ਮੀਨਾਰ ਸਮੇਤ ਹੋਰ ਮਾਡਲ ਬਣਾਏ ਹੋਏ ਹਨ ਪਰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ।’’ ਉਨ੍ਹਾਂ ਦੱਸਿਆ ਕਿ ਐੱਸਡੀਐੱਮਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ 7 ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਵਿਚ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ।
ਸ੍ਰੀ ਸਿਰਸਾ ਨੇ ਦੱਸਿਆ ਕਿ ਅੱਜ ਸਵੇਰੇ ਹੀ ਐੱਸਡੀਐੱਮਸੀ ਦੀ ਟੀਮ ਇਹ ਮਾਡਲ ਨੂੰ ਵੱਖ ਕਰਨ ਲਈ ਮੌਕੇ ’ਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ ਜੋ ਕਿ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉੱਦਮ ’ਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਸ ਮਾਡਲ ਨੂੰ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਮੌਕੇ ਤੋਂ ਇਕ ਵੀਡੀਓ ਵੀ ਸੰਗਤ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਾਂਗ ਹੀ ਮਾਡਲ ਦੇ ਨਾਲ ਪਾਣੀ ਦਾ ਸਰੋਵਰ ਵੀ ਬਣਾਇਆ ਗਿਆ ਸੀ ਜੋ ਸਾਰਾ ਤੋੜ ਦਿੱਤਾ ਗਿਆ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸ੍ਰੀ ਹਰਿਮੰਦਿਰ ਸਾਹਿਬ ਦਾ ਮਾਡਲ ਬਣਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸ੍ਰੀ ਸਿਰਸਾ ਦੇ ਸਹਾਇਕ ਨਰਿੰਦਰ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਤੱਕ ਮਾਡਲ ਦਾ ਕਾਫੀ ਹਿੱਸਾ ਵੱਖ ਕਰ ਦਿੱਤਾ ਗਿਆ ਸੀ।