ਨਵੀਂ ਦਿੱਲੀ, 19 ਦਸੰਬਰ
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ ਅਗਲੀ ਰਣਨੀਤੀ ਦਾ ਐਲਾਨ ਅਗਲੇ ਦੋ ਤਿੰਨ ਦਿਨਾਂ ਵਿੱਚ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਬਾਰੇ ਜਾਰੀ ਜਮੂਦ ਨੂੰ ਖ਼ਤਮ ਕਰਨ ਲਈ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਦੀ ਕਮੇਟੀ ਬਣਾਉਣ ’ਤੇ ਵਿਚਾਰ ਕਰ ਰਹੀ ਹੈ। ਕਿਸਾਨ ਆਗੂ ਸ਼ਿਵ ਕੁਮਾਰ ਕਾਕਾ ਨੇ ਕਿਹਾ ਕਿ ਯੂਨੀਅਨਾਂ ਵਿਚਾਲੇ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਮਾਮਲੇ ’ਤੇ ਕਾਨੂੰਨੀ ਰਾਇ ਵੀ ਲੈ ਰਹੇ ਹਨ। ਉਨ੍ਹਾਂ ਇਸ ਖ਼ਬਰ ਏਜੰਸੀ ਨੂੰ ਦੱਸਿਆ, ‘‘ ਅਗਲੀ ਰਣਨੀਤੀ ਲਈ ਅਸੀਂ ਮੀਟਿੰਗਾਂ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਅਗਲੇ ਦੋ ਤਿੰਨ ਦਿਨਾਂ ਵਿੱਚ ਸਾਨੂੰ ਇਹ ਸਪਸ਼ਟ ਹੋ ਜਾਵੇਗਾ ਕਿ ਅਸੀਂ ਅਦਾਲਤ ਵੱਲੋਂ ਸੁਝਾਈ ਕਮੇਟੀ ਦਾ ਹਿੱਸਾ ਹੋਵਾਂਗੇ ਕਿ ਨਹੀਂ। ਇਕ ਹੋਰ ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਜਦੋਂ ਤਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਨਾਲ ਹੀ ਕਿਹਾ,‘‘ ਉਹ ਲੰਮੀ ਲੜਾਈ ਲਈ ਤਿਆਰ ਹਨ। ਅਸੀਂ ਆਪਣੇ ਹੱਕਾਂ ਲਈ ਇਥੇ ਹਾਂ। ਅਸੀਂ ਅਦਾਲਤ ਦੇ ਹੁਕਮਾਂ ’ਤੇ ਆਪਣਾ ਰੁਖ਼ ਸਪਸ਼ਟ ਕਰਨ ਬਾਰੇ ਚਰਚਾ ਕਰ ਰਹੇ ਹਾਂ। ਆਲ ਇੰਡੀਆ ਕਿਸਾਨ ਯੂਨੀਅਨ ਆਗੂਆਂ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ 33 ਕਿਸਾਨਾਂ ਨੂੰ ਭਲਕੇ ਦੇਸ਼ ਭਰ ਵਿੱਚ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। – ਏਜੰਸੀ