ਆਤਿਸ਼ ਗੁਪਤਾ
ਚੰਡੀਗੜ੍ਹ, 27 ਮਈ
ਹਰਿਆਣਾ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਪਿਛਲੇ ਹਫ਼ਤੇ ਤੋਂ ਘਟਣੀ ਸ਼ੁਰੂ ਹੋ ਗਈ ਹੈ ਪਰ ਇਸ ਦੇ ਨਾਲ ਹੀ ਬਲੈਕ ਫੰਗਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸੂਬੇ ਵਿੱਚ ਹੁਣ ਤੱਕ ਬਲੈਕ ਫੰਗਸ ਦੇ ਮਰੀਜ਼ਾਂ ਦੀ ਗਿਣਤੀ 522 ’ਤੇ ਪਹੁੰਚ ਗਈ ਹੈ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਬਲੈਕ ਫੰਗਸ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਬੈੱਡਾਂ ਦੀ ਗਿਣਤੀ ਨੂੰ 20 ਤੋਂ ਵਧਾ ਕੇ 75-75 ਕਰ ਦਿੱਤਾ ਹੈ। ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਦਿੱਤੀ ਕਿ ਬਲੈਕ ਫੰਗਸ ਦੇ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਇਲਾਜ ਵਿੱਚ ਲੱਗਣ ਵਾਲੇ ਟੀਕੇ ਜਾਂ ਹੋਰ ਦਵਾਈਆਂ ਦੀ ਘਾਟ ਨਹੀਂ ਹੋਣੀ ਚਾਹੀਦੀ ਹੈ।