ਜੰਮੂ: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਲੋਕਤੰਤਰਿਕ ਤੇ ਸੰਵਿਧਾਨਕ ਹੱਕਾਂ ਲਈ ਇਕਜੁੱਟ ਹੋਣ। ਸਾਬਕਾ ਮੁੱਖ ਮੰਤਰੀ ਨੇ ਅੱਜ ਵਰਵਾਨ ਤੇ ਮਰਵਾਹ ਵਿਚ ਕਈ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ। ਅਬਦੁੱਲਾ ਕਿਸ਼ਤਵਾੜ ਜ਼ਿਲ੍ਹੇ ਦੇ ਦੌਰੇ ਉਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਦੀ ਬਹਾਲੀ ਲਈ ਡਟਣਾ ਚਾਹੀਦਾ ਹੈ। ਐਨਸੀ ਪ੍ਰਧਾਨ ਨੇ ਕਿਹਾ ਕਿ ਜੇ ਲੋਕ ਅਜਿਹਾ ਨਹੀਂ ਕਰਨਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਇਕਜੁੱਟ ਹੋਣਾ ਸਮੇਂ ਦੀ ਲੋੜ ਹੈ। ਅਬਦੁੱਲਾ ਨੇ ਕਿਹਾ ਕਿ ‘ਜੰਮੂ ਕਸ਼ਮੀਰ ਵਿਰੋਧੀ ਤਾਕਤਾਂ’ ਲੋਕਾਂ ਨੂੰ ਵੰਡਣ ਲਈ ਪੂਰਾ ਜ਼ੋਰ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਲੋਕਾਂ ਨੂੰ ਫ਼ਿਰਕੂ, ਖੇਤਰੀ ਤੇ ਨਸਲੀ ਅਧਾਰ ਉਤੇ ਵੱਖ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਸ ਵੰਡਪਾਊ ਏਜੰਡੇ ਖ਼ਿਲਾਫ਼ ਲੋਕਤੰਤਰਿਕ ਢੰਗ ਨਾਲ ਸੰਘਰਸ਼ ਦਾ ਸੱਦਾ ਦਿੱਤਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਆਮ ਲੋਕਾਂ ਨੂੰ ਆਪਣੇ ਹੱਕਾਂ ਲਈ ਖੜ੍ਹਨਾ ਪਵੇਗਾ। -ਪੀਟੀਆਈ