ਲਖਨਊ, 22 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਖਨਊ ਪਹੁੰਚ ਕੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਮ ਮੰਦਰ ਅੰਦੋਲਨ ਦੇ ਪ੍ਰਮੁੱਖ ਆਗੂਆਂ ਵਿੱਚੋਂ ਇੱਕ ਰਹੇ ਕਲਿਆਣ ਸਿੰਘ ਦੇ ਅੱਜ ਅੰਤਿਮ ਦਰਸ਼ਨ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਇਸ ਤੋਂ ਪਹਿਲਾਂ ਲਖਨਊ ਦੇ ਮਾਲ ਐਵੀਨਿਊ ਸਥਿਤ ਕਲਿਆਣ ਸਿੰਘ ਦੀ ਰਿਹਾਇਸ਼ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਰੱਖੀ ਹੋਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਾਲ ਭਾਜਪਾ ਪ੍ਰਧਾਨ ਜੇਪੀ ਨੱਢਾ, ਮੁੱਖ ਮੰਤਰੀ ਯੋਗੀ ਅਦਿਤਿਆਨਾਥ ਅਤੇ ਯੂਪੀ ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਵੀ ਮੌਜੂਦ ਸਨ। ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ ਦਾ ਸ਼ਨਿਚਰਵਾਰ ਰਾਤ ਸਵਾ ਨੌਂ ਵਜੇ ਸੰਜੇ ਗਾਂਧੀ ਪੀਜੀਆਈ ਲਖਨਊ ਵਿੱਚ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 23 ਅਗਸਤ ਨੂੰ ਨਰੌਰਾ ਵਿੱਚ ਗੰਗਾ ਘਾਟ ’ਤੇ ਕੀਤਾ ਜਾਵੇਗਾ। -ਪੀਟੀਆਈ
ਅਮਰਿੰਦਰ ਤੇ ਖੱਟਰ ਨੇ ਕਲਿਆਣ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਉਨ੍ਹਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਨੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਅਮਰਿੰਦਰ ਸਿੰਘ ਨੇ ਭਾਜਪਾ ਆਗੂ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਲਿਆਣ ਸਿੰਘ ਲੋਕਾਂ ਦੇ ਆਗੂ ਸਨ ਅਤੇ ਉਨ੍ਹਾਂ ਕਈ ਅਹਿਮ ਅਹੁਦਿਆਂ ’ਤੇ ਸੇਵਾਵਾਂ ਦਿੱਤੀਆਂ। ਖੱਟਰ ਨੇ ਵੀ ਕਲਿਆਣ ਸਿੰਘ ਦੇ ਦੇਹਾਂਤ ’ਤੇ ਟਵਿੱਟਰ ਰਾਹੀਂ ਅਫਸੋਸ ਪ੍ਰਗਟ ਕੀਤਾ।