ਮੁੰਬਈ, 26 ਜੂਨ
ਕੌਮੀ ਰਾਜਧਾਨੀ ਦਿੱਲੀ ਦੇ ਹਜ਼ਰਤ ਨਿਜ਼ਾਮੂਦੀਨ ਤੋਂ ਗੋਆ ਦੇ ਮਡਗਾਓਂ ਜਾ ਰਹੀ ਰਾਜਧਾਨੀ ਐਕਸਪ੍ਰੈੱਸ ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਨੇੜੇ ਇੱਕ ਸੁਰੰਗ ’ਚ ਅੱਜ ਤੜਕੇ ਪੱਟੜੀ ਤੋਂ ਲਹਿ ਗਈ। ਇਸ ਮਾਰਗ ’ਚ ਰੇਲ ਗੱਡੀਆਂ ਦੀ ਆਵਾਜਾਈ ਕਰਵਾਉਣ ਵਾਲੇ ਕੋਂਕਣ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਇਹ ਹਾਦਸਾ ਤੜਕੇ ਕਰੀਬ ਸਵਾ ਚਾਰ ਵਜੇ ਕਰਬੁੜੇ ਸੁਰੰਗ ’ਚ ਵਾਪਰਿਆ। ਉਨ੍ਹਾਂ ਦੱਸਿਆ ਕਿ ਇੱਕ ਵੱਡਾ ਪੱਥਰ ਪਟੜੀ ’ਤੇ ਡਿੱਗ ਗਿਆ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਨੇ ਕਿਹਾ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ