ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਰਤੀ ਕਮੇਟੀ ਦਾ ਚੋਣ ਇਜਲਾਸ ਹੁਣ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ’ਚ ਹੋਵੇਗਾ

ਸ਼੍ਰੋਮਣੀ ਕਮੇਟੀ ਨੇ ਭਾਈ ਗੁਰਦਾਸ ਹਾਲ ’ਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੋਂ ਰੋਕਿਆ
ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਤੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵੇਲੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੋਂ ਰੋਕ ਦਿੱਤਾ ਗਿਆ ਹੈ। ਪ੍ਰਬੰਧਕਾਂ ਨੇ ਕਿਹਾ ਕਿ ਸਿਆਸੀ ਮਨੋਰਥ ਵਾਸਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ। ਇਸ ਤੋਂ ਬਾਅਦ ਭਰਤੀ ਕਮੇਟੀ ਨੇ ਪ੍ਰਧਾਨ ਦੀ ਚੋਣ ਵਾਸਤੇ 11 ਅਗਸਤ ਨੂੰ ਕੀਤੇ ਜਾਣ ਵਾਲੇ ਜਨਰਲ ਇਜਲਾਸ ਲਈ ਥਾਂ ਬਦਲ ਦਿੱਤੀ ਹੈ। ਹੁਣ ਇਹ ਚੋਣ ਇਜਲਾਸ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅੰਮ੍ਰਿਤਸਰ ਵਿੱਚ 11 ਅਗਸਤ ਨੂੰ ਹੀ ਹੋਵੇਗਾ।

ਭਰਤੀ ਕਮੇਟੀ ਮੈਂਬਰਾਂ ਨਾਲ ਸਬੰਧਤ ਸਿੱਖ ਆਗੂ ਜਸਬੀਰ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਸਿੱਧੇ ਢੰਗ ਨਾਲ ਇਜਲਾਸ ਵਾਸਤੇ ਥਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਇਹ ਹਾਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਮਗਰੋਂ ਭਾਈ ਗੁਰਦਾਸ ਹਾਲ ਦੇਣ ਦੀ ਮੰਗ ਕੀਤੀ ਗਈ ਤਾਂ ਅਸਿੱਧੇ ਢੰਗ ਨਾਲ ਇਹ ਹਾਲ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਭਾਈ ਗੁਰਦਾਸ ਹਾਲ ਵਿੱਚ ਇਜਲਾਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਤਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੇ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਵੇਲੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕਰਨ ਦਿੱਤਾ ਜਾਵੇਗਾ। ਇਸ ਦਾ ਕਾਰਨ ਪੁੱਛਣ ’ਤੇ ਅਧਿਕਾਰੀਆਂ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ, ਸਗੋਂ ਇਹ ਆਖਿਆ ਗਿਆ ਕਿ ਉਪਰੋਂ ਹੁਕਮ ਆਏ ਹਨ।

Advertisement

ਭਾਈ ਘੁੰਮਣ ਨੇ ਪ੍ਰਬੰਧਕਾਂ ਦੇ ਇਸ ਵਰਤਾਰੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਦੇ ਨਾਂ ’ਤੇ ਬਣੇ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਅਨੁਸਾਰ ਪ੍ਰਬੰਧਕਾਂ ਨੇ ਜਵਾਬ ਦਿੱਤਾ ਕਿ ਬਾਦਲ ਦਲ ਨੇ ਚੋਣ ਵੇਲੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਸੀ, ਇਸ ਕਰਕੇ ਉਨ੍ਹਾਂ ਨੂੰ ਵੀ ਪ੍ਰਕਾਸ਼ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਪੰਜ ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੋਂ ਬਿਨਾਂ ਇਜਲਾਸ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪ੍ਰਬੰਧਕਾਂ ਦੇ ਇਸ ਵਰਤਾਰੇ ਦੀ ਸਖ਼ਤ ਨਿਖੇਧੀ ਕੀਤੀ ਹੈ।

ਸਿਆਸੀ ਚੋਣ ਕਾਰਨ ਲਿਆ ਫੈਸਲਾ: ਮੈਨੇਜਰ

ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਹਾਲ ਦੇਣ ਤੋਂ ਇਨਕਾਰ ਨਹੀਂ ਕੀਤਾ ਗਿਆ, ਸਗੋਂ ਸਿਆਸੀ ਚੋਣ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸਿੱਖ ਆਗੂ ਜਸਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸੰਪਰਕ ਕਰਨ ਵਾਸਤੇ ਕਈ ਵਾਰ ਫੋਨ ਕੀਤਾ ਗਿਆ ਪਰ ਉਨ੍ਹਾਂ ਫੋਨ ਦਾ ਜਵਾਬ ਨਹੀਂ ਦਿੱਤਾ। ਮੁੱਖ ਸਕੱਤਰ ਨੂੰ ਵੀ ਫੋਨ ਕਰਕੇ ਇਸ ਬਾਰੇ ਜਾਣਕਾਰੀ ਮੰਗੀ ਗਈ ਤਾਂ ਉਨ੍ਹਾਂ ਵੀ ਅਗਿਆਨਤਾ ਪ੍ਰਗਟਾਈ।

Advertisement