ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਦੇਸ਼ ਵਿਚ ਨਸ਼ੇ ਦੀ ਸਮੱਸਿਆ ਨੂੰ ਉਭਾਰਿਆ ਤੇ ਨਿਆਂਇਕ ਅਧਿਕਾਰੀ ਅਤੇ ਅਦਾਲਤ ਵੱਲੋਂ ਨਿਯੁਕਤ ਸਹਿਯੋਗੀ ਨੂੰ ‘ਢੁੱਕਵਾਂ ਹੱਲ’ ਲੱਭਣ ਲਈ ਕਿਹਾ। ਅਦਾਲਤ ਨੇ ਕਿਹਾ ਕਿ ਸੁਝਾਅ ਉਤੇ ਅਮਲ ਕਰ ਕੇ ਇਸ ਸਮੱਸਿਆ ਦੇ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ। ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਚੀਫ਼ ਜਸਟਿਸ ਯੂ.ਯੂ. ਲਲਿਤ ਦੇ ਬੈਂਚ ਨੂੰ ਜਾਣੂ ਕਰਾਇਆ ਕਿ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਹੋਰ ਸਬੰਧਤ ਵਿਭਾਗਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਵੱਲੋਂ ਇਸ ਦਾ ਹੱਲ ਲੱਭਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਅਦਾਲਤ ਨੇ ਵਧੀਕ ਸੌਲੀਸਿਟਰ ਜਨਰਲ ਨੂੰ ਕੇਸ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਅਦਾਲਤ ਨੇ ਖ਼ੁਦ ਹੀ ਦੇਸ਼ ਵਿਚ ਨਸ਼ੇ ਦੀ ਸਮੱਸਿਆ ਅਤੇ ਇਸ ਦੇ ਨੈੱਟਵਰਕ ਦਾ ਨੋਟਿਸ ਲਿਆ ਸੀ। ਨਵੰਬਰ, 2021 ਵਿਚ ਸਿਖ਼ਰਲੀ ਅਦਾਲਤ ਨੂੰ ਇਕ ਪੱਤਰ ਲਿਖ ਕੇ ਅਫ਼ਗਾਨਿਸਤਾਨ ਤੋਂ ਭਾਰਤ ਆ ਰਹੇ ਨਸ਼ਿਆਂ ਦੀ ਤਸਕਰੀ ਬਾਰੇ ਬਾਰੇ ਜਾਣੂ ਕਰਾਇਆ ਗਿਆ ਸੀ। -ਪੀਟੀਆਈ