ਨਵੀਂ ਦਿੱਲੀ, 1 ਸਤੰਬਰ
ਸੁਪਰੀਮ ਕੋਰਟ ਨੇ ਅੱਜ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਈਸਾਈ ਭਾਈਚਾਰੇ ’ਤੇ ਹੋ ਰਹੇ ਹਮਲਿਆਂ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਕਰਨਾਟਕ, ਉੜੀਸਾ, ਛੱਤੀਸਗੜ੍ਹ ਤੇ ਝਾਰਖੰਡ ਸਮੇਤ ਹੋਰ ਰਾਜਾਂ ਤੋਂ ਰਿਪੋਰਟ ਤਲਬ ਕਰੇ। ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਇਸ ਸਬੰਧੀ ਦਾਇਰ ਇੱਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਤੇ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਕਿਸੇ ’ਤੇ ਹੋਏ ਨਿੱਜੀ ਹਮਲੇ ਨੂੰ ਕਿਸੇ ਭਾਈਚਾਰੇ ’ਤੇ ਹੋਇਆ ਹਮਲਾ ਨਹੀਂ ਮੰਨਿਆ ਜਾ ਸਕਦਾ ਪਰ ਫਿਰ ਵੀ ਲੋਕ ਹਿੱਤ ਪਟੀਸ਼ਨ ’ਚ ਅਜਿਹੀਆਂ ਘਟਨਾਵਾਂ ਸਬੰਧੀ ਕੀਤੇ ਗਏ ਦਾਅਵਿਆਂ ਦੀ ਪੜਤਾਲ ਕੀਤੇ ਜਾਣ ਦੀ ਜ਼ਰੂਰਤ ਹੈ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਹੈ ਕਿ ਪਟੀਸ਼ਨ ’ਚ ਜਿਹੜੇ ਕਥਿਤ ਕੇਸਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਝੂਠੇ ਤੇ ਇੱਕ ਵੈੱਬ ਪੋਰਟਲ ’ਤੇ ਪਾਏ ਗਏ ਲੇਖਾਂ ’ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਇਸ ਪਟੀਸ਼ਨ ’ਤੇ ਕੋਈ ਹੁਕਮ ਨਹੀਂ ਦੇਣਾ ਚਾਹੀਦਾ ਨਹੀਂ ਤਾਂ ਇਸ ਨਾਲ ਵੱਡੀ ਸਮੱਸਿਆ ਖੜ੍ਹੀ ਹੋ ਜਾਵੇਗੀ। ਬੈਂਚ ਨੇ ਰਿਪੋਰਟ ਤਲਬ ਕਰਨ ਲਈ ਦੋ ਮਹੀਨਿਆਂ ਦਾ ਸਮਾਂ ਦਿੱਤਾ ਹੈ। -ਪੀਟੀਆਈ