ਨਵੀਂ ਦਿੱਲੀ, 13 ਜੁਲਾਈ
ਸੁਪਰੀਮ ਕੋਰਟ ਨੇ ਕਰਨਾਟਕ ਵਿਚ ਵਿਦਿਅਕ ਅਦਾਰਿਆਂ ਵਿਚ ਹਿਜਾਬ ‘ਤੇ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅਗਲੇ ਹਫ਼ਤੇ ਸੁਣਵਾਈ ਕਰਨ ਲਈ ਅੱਜ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਐੱਨਵੀ ਰਮਨਾ, ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਪਟੀਸ਼ਨਾਂ ਬਹੁਤ ਪਹਿਲਾਂ ਦਾਇਰ ਕੀਤੀਆਂ ਗਈਆਂ ਸਨ ਪਰ ਹਾਲੇ ਤੱਕ ਉਨ੍ਹਾਂ ਨੂੰ ਸੁਣਵਾਈ ਲਈ ਸੂਚੀਬੱਧ ਨਹੀਂ ਕੀਤਾ ਗਿਆ ਹੈ। ਭੂਸ਼ਣ ਨੇ ਕਿਹਾ, ‘’ਲੜਕੀਆਂ ਆਪਣੀ ਪੜ੍ਹਾਈ ਤੋਂ ਹਟ ਰਹੀਆਂ ਹਨ।’ ਇਸ ‘ਤੇ ਬੈਂਚ ਨੇ ਕਿਹਾ ਕਿ ਇਸ ਨੂੰ ਅਗਲੇ ਹਫਤੇ ਕਿਸੇ ਦਿਨ ਸੂਚੀਬੱਧ ਕੀਤਾ ਜਾਵੇਗਾ।