ਨਵੀਂ ਦਿੱਲੀ, 12 ਅਗਸਤ
ਸੁਪਰੀਮ ਕੋਰਟ ਨੇ ਅੱਜ ਭਾਰਤੀ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੀ ਉਹ ਪਟੀਸ਼ਨ ਸੁਣਵਾਈ ਲਈ ਪ੍ਰਵਾਨ ਕਰ ਲਈ ਹੈ ਜਿਸ ਵਿੱਚ ਆਈਐੱਮਏ ਨੇ ਦੋਸ਼ ਲਾਇਆ ਹੈ ਕਿ ਦੇਸ਼ ਵਿੱਚ ਟੀਕਾਕਰਨ ਮੁਹਿੰਮ ਤੇ ਆਧੁਨਿਕ ਦਵਾਈਆਂ ਖ਼ਿਲਾਫ਼ ਪ੍ਰਚਾਰ ਕੀਤਾ ਜਾ ਰਿਹਾ ਹੈ। ਆਈਐੱਮਏ ਵੱਲੋਂ ਪੇਸ਼ ਹੋਏ ਵਕੀਲ ਨੇ ਚੀਫ ਜਸਟਿਸ ਐੱਨਵੀ ਰਾਮੰਨਾ ਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੂੰ ਦੱਸਿਆ ਕਿ ਦੇਸ਼ ਵਿੱਚ ਕੋਵਿਡ-19 ਰੋਕੂ ਟੀਕਾਕਰਨ ਸਮੇਤ ਹੋਰ ਟੀਕਾਕਰਨ ਮੁਹਿੰਮਾਂ ਤੇ ਐਲੋਪੈਥਿਕ ਦਵਾਈਆਂ ਦੀ ਵਰਤੋਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਚੀਫ ਜਸਟਿਸ ਨੇ ਇਹ ਪਟੀਸ਼ਨ ਅਗਲੇ ਹਫ਼ਤੇ ਲਈ ਸੂਚੀਬੱਧ ਕਰਨ ਲਈ ਕਿਹਾ ਹੈ। ਆਈਐੱਮਏ ਦੇ ਵਕੀਲ ਨੇ ਕਿਹਾ, ‘ਭਾਰਤੀ ਮੈਡੀਕਲ ਐਸੋਸੀਏਸ਼ਨ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਇੱਕ ਗੰਭੀਰ ਮੁੱਦਾ ਹੈ ਕਿਉਂਕਿ ਟੀਕਾਕਰਨ ਮੁਹਿੰਮਾਂ ਤੇ ਆਧੁਨਿਕ ਦਵਾਈਆਂ ਖ਼ਿਲਾਫ਼ ਦੇਸ਼ ਭਰ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਨਾਲ ਡਾਕਟਰਾਂ ਦਾ ਹੌਸਲਾ ਢਹੇਗਾ। ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।’ -ਪੀਟੀਆਈ