ਨਵੀਂ ਦਿੱਲੀ, 8 ਮਈ
ਅਗਾਮੀ ਜੁਲਾਈ ਮਹੀਨੇ ਪ੍ਰਤਾਵਿਤ ਰਾਸ਼ਟਰਪਤੀ ਚੋਣਾਂ ਵਿੱਚ ਇਸ ਵਾਰ ਇੱਕ ਸੰਸਦ ਮੈਂਬਰ ਦੀ ਵੋਟ ਦਾ ਮੁੱਲ 708 ਤੋਂ ਘਟ ਕੇ 700 ਰਹਿਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਸ ਪਿੱਛੇ ਕਾਰਨ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਗਠਨ ਨਾ ਹੋਣਾ ਹੈ। ਰਾਸ਼ਟਰਪਤੀ ਚੋਣਾਂ ਵਿੱਚ ਇੱਕ ਸੰਸਦ ਮੈਂਬਰ ਦੀ ਵੋਟ ਦਾ ਮੁੱਲ ਦਿੱਲੀ, ਪੁੱਡੂਚੇਰੀ ਅਤੇ ਜੰਮੂ ਕਸ਼ਮੀਰ ਸਣੇ ਹੋਰ ਰਾਜਾਂ ਅਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੀਆਂ ਵਿਧਾਨ ਸਭਾਵਾਂ ਲਈ ਚੁਣੇ ਮੈਂਬਰਾਂ ਦੀ ਗਿਣਤੀ ’ਤੇ ਅਧਾਰਿਤ ਹੁੰਦਾ ਹੈ। ਸਰਕਾਰ ਨੇ ਐਲਾਨ ਕੀਤਾ ਸੀ ਕਿ ਵਿਧਾਨ ਸਭਾ ਖੇਤਰਾਂ ਦੀ ਹੱਦਬੰਦੀ ਪੂਰੀ ਹੋਣ ਮਗਰੋਂ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਲਈ ਕਾਇਮ ਹੱਦਬੰਦੀ ਕਮਿਸ਼ਨ ਨੇ ਪਿਛਲੇ ਹਫ਼ਤੇ ਆਪਣੇ ਅੰਤਿਮ ਆਦੇਸ਼ ਨੂੰ ਨੋਟੀਫਾਈ ਕੀਤਾ ਹੈ, ਜਿਸ ਵਿੱਚ ਕਮਿਸ਼ਨ ਵੱਲੋਂ ਕੇਂਦਰੀ ਸਾਸ਼ਿਤ ਪ੍ਰਦੇਸ਼ ਲਈ 90 ਮੈਂਬਰੀ ਵਿਧਾਨ ਸਭਾ ਦੀ ਸਿਫਾਰਸ਼ ਕੀਤੀ ਗਈ ਹੈ। ਪਰ ਇਸ ਕੇਂਦਰੀ ਸਾਸ਼ਿਤ ਪ੍ਰਦੇਸ਼ ਵਿੱਚ ਵਿਧਾਨ ਸਭਾ ਮੈਂਬਰਾਂ ਦੇ ਚੋਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਹਾਲਾਂਕਿ, ਜੰਮੂ-ਕਸ਼ਮੀਰ ਰਾਸ਼ਟਰਪਤੀ ਚੋਣਾਂ ਵਿੱਚੋਂ ਗ਼ੈਰਹਾਜ਼ਰ ਨਹੀਂ ਰਹੇਗਾ, ਕਿਉਂਕਿ ਇਸ ਦੇ ਲੋਕ ਸਭਾ ਮੈਂਬਰ ਰਾਸ਼ਟਰਪਤੀ ਦੀ ਚੋਣ ਲਈ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਦੱਸਣਯੋਗ ਹੈ ਕਿ 1997 ਵਿੱਚ ਰਾਸ਼ਟਰਪਤੀ ਚੋਣਾਂ ਮਗਰੋਂ ਸੰਸਦ ਮੈਂਬਰ ਦੇ ਵੋਟ ਦਾ ਮੁੱਲ 708 ਤੈਅ ਕੀਤਾ ਗਿਆ ਸੀ। ਇਹ ਵੀ ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਪੂਰਾ ਹੋਣਾ ਹੈ ਅਤੇ ਇਸ ਤੋਂ ਪਹਿਲਾਂ ਨਵੇਂ ਰਾਸ਼ਟਰਪਤੀ ਦੀ ਚੋਣ ਹੋਣੀ ਹੈ। -ਪੀਟੀਆਈ