ਨਵੀਂ ਦਿੱਲੀ, 8 ਮਈ
ਅਗਾਮੀ ਜੁਲਾਈ ਮਹੀਨੇ ਪ੍ਰਤਾਵਿਤ ਰਾਸ਼ਟਰਪਤੀ ਚੋਣਾਂ ਵਿੱਚ ਇਸ ਵਾਰ ਇੱਕ ਸੰਸਦ ਮੈਂਬਰ ਦੀ ਵੋਟ ਦਾ ਮੁੱਲ 708 ਤੋਂ ਘਟ ਕੇ 700 ਰਹਿਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਸ ਪਿੱਛੇ ਕਾਰਨ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਗਠਨ ਨਾ ਹੋਣਾ ਹੈ। ਰਾਸ਼ਟਰਪਤੀ ਚੋਣਾਂ ਵਿੱਚ ਇੱਕ ਸੰਸਦ ਮੈਂਬਰ ਦੀ ਵੋਟ ਦਾ ਮੁੱਲ ਦਿੱਲੀ, ਪੁੱਡੂਚੇਰੀ ਅਤੇ ਜੰਮੂ ਕਸ਼ਮੀਰ ਸਣੇ ਹੋਰ ਰਾਜਾਂ ਅਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੀਆਂ ਵਿਧਾਨ ਸਭਾਵਾਂ ਲਈ ਚੁਣੇ ਮੈਂਬਰਾਂ ਦੀ ਗਿਣਤੀ ’ਤੇ ਅਧਾਰਿਤ ਹੁੰਦਾ ਹੈ। ਰਾਸ਼ਟਰਪਤੀ ਚੋਣਾਂ ਵਿੱਚ ਲੋਕ ਸਭਾ, ਰਾਜ ਸਭਾ ਅਤੇ ਦਿੱਲੀ, ਪੁੱਡੂਚੇਰੀ ਅਤੇ ਜੰਮੂ-ਕਸ਼ਮੀਰ ਸਣੇ ਸੂਬਿਆਂ ਅਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੀਆਂ ਵਿਧਾਨ ਸਭਾਵਾਂ ਦੇ ਮੈਂਬਰ ਵੋਟਿੰਗ ਕਰਦੇ ਹਨ।
ਦੱਸਣਯੋਗ ਹੈ ਕਿ ਅਗਸਤ 2019 ਵਿੱਚ ਲੱਦਾਖ ਅਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਤੋਂ ਪਹਿਲਾਂ ਤਤਕਾਲੀ ਜੰਮੂ-ਕਸ਼ਮੀਰ ਸੂਬੇ ਵਿੱਚ 83 ਵਿਧਾਨ ਸਭਾ ਸੀਟਾਂ ਸਨ। ਜੰਮੁੂ ਕਸ਼ਮੀਰ ਪੁਨਰਗਠਨ ਕਾਨੂੰਨ ਮੁਤਾਬਕ ਕੇਂਦਰੀ ਸਾਸ਼ਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਹੋਵੇਗੀ, ਜਦਕਿ ਲੱਦਾਖ ’ਤੇ ਸਿੱਧਾ ਕੇਂਦਰ ਦਾ ਸਾਸ਼ਨ ਹੋਵੇਗਾ। ਸਰਕਾਰ ਨੇ ਐਲਾਨ ਕੀਤਾ ਸੀ ਕਿ ਵਿਧਾਨ ਸਭਾ ਖੇਤਰਾਂ ਦੀ ਹੱਦਬੰਦੀ ਪੂਰੀ ਹੋਣ ਮਗਰੋਂ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਲਈ ਕਾਇਮ ਹੱਦਬੰਦੀ ਕਮਿਸ਼ਨ ਨੇ ਪਿਛਲੇ ਹਫ਼ਤੇ ਆਪਣੇ ਅੰਤਿਮ ਆਦੇਸ਼ ਨੂੰ ਨੋਟੀਫਾਈ ਕੀਤਾ ਹੈ, ਜਿਸ ਵਿੱਚ ਕਮਿਸ਼ਨ ਵੱਲੋਂ ਕੇਂਦਰੀ ਸਾਸ਼ਿਤ ਪ੍ਰਦੇਸ਼ ਲਈ 90 ਮੈਂਬਰੀ ਵਿਧਾਨ ਸਭਾ ਦੀ ਸਿਫਾਰਸ਼ ਕੀਤੀ ਗਈ ਹੈ। ਪਰ ਇਸ ਕੇਂਦਰੀ ਸਾਸ਼ਿਤ ਪ੍ਰਦੇਸ਼ ਵਿੱਚ ਵਿਧਾਨ ਸਭਾ ਮੈਂਬਰਾਂ ਦੀ ਚੋਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ।
ਪਰ ਇਹ ਪਹਿਲੀ ਵਾਰ ਨਹੀਂ ਹੈ ਕਿਸੇ ਸੂਬੇ ਦੇ ਵਿਧਾਇਕ ਰਾਸ਼ਟਰਪਤੀ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕਣਗੇ। ਪਹਿਲਾਂ 1974 ਵਿੱਚ 182 ਮੈਂਬਰੀ ਗੁਜਰਾਤ ਵਿਧਾਨ ਸਭਾ ਨੂੰ ਨਵਨਿਰਮਾਣ ਅੰਦੋਲਨ ਮਗਰੋਂ ਮਾਰਚ ਵਿੱਚ ਭੰਗ ਕਰ ਦਿੱਤਾ ਗਿਆ ਸੀ ਅਤੇ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਗੁਜਰਾਤ ਵਿਧਾਨ ਸਭਾ ਦਾ ਗਠਨ ਨਹੀਂ ਸੀ ਕੀਤਾ ਜਾ ਸਕਿਆ। ਉਦੋਂ ਫਖ਼ਰੂਦੀਨ ਅਲੀ ਅਹਿਮਦ ਰਾਸ਼ਟਰਪਤੀ ਚੁਣੇ ਗਏ ਸਨ। ਹਾਲਾਂਕਿ, ਜੰਮੂ-ਕਸ਼ਮੀਰ ਰਾਸ਼ਟਰਪਤੀ ਚੋਣਾਂ ਵਿੱਚੋਂ ਗ਼ੈਰਹਾਜ਼ਰ ਨਹੀਂ ਰਹੇਗਾ, ਕਿਉਂਕਿ ਇਸ ਦੇ ਲੋਕ ਸਭਾ ਮੈਂਬਰ ਰਾਸ਼ਟਰਪਤੀ ਦੀ ਚੋਣ ਲਈ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹੋਣਗੇ। -ਪੀਟੀਆਈ
ਪਹਿਲੇ ਰਾਸ਼ਟਰਪਤੀ ਦੀ ਚੋਣ ਸਮੇਂ ਵੋਟ ਦਾ ਮੁੱਲ 494 ਸੀ
ਸਾਲ 1997 ਵਿੱਚ ਰਾਸ਼ਟਰਪਤੀ ਚੋਣਾਂ ਮਗਰੋਂ ਸੰਸਦ ਮੈਂਬਰ ਦੀ ਵੋਟ ਦਾ ਮੁੱਲ 708 ਤੈਅ ਕੀਤਾ ਗਿਆ ਸੀ ਜਦਕਿ 1952 ਵਿੱਚ ਪਹਿਲੀਆਂ ਰਾਸ਼ਟਰਪਤੀ ਚੋਣਾਂ ਲਈ ਇੱਕ ਸੰਸਦ ਮੈਂਬਰ ਦੀ ਵੋਟ ਦਾ ਮੁੱਲ 494 ਸੀ। ਸਾਲ 1974 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਇੱਕ ਸੰਸਦ ਮੈਂਬਰ ਦੀ ਵੋਟ ਦਾ ਮੁੱਲ 723 ਸੀ ਅਤੇ 1977 ਤੋਂ 1992 ਤੱਕ ਰਾਸ਼ਟਰਪਤੀ ਚੋਣਾਂ ਲਈ ਇਹ ਮੁੱਲ 702 ਤੈਅ ਕੀਤਾ ਗਿਆ ਸੀ। ਇਹ ਵੀ ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਪੂਰਾ ਹੋਣਾ ਹੈ ਅਤੇ ਇਸ ਤੋਂ ਪਹਿਲਾਂ ਨਵੇਂ ਰਾਸ਼ਟਰਪਤੀ ਦੀ ਚੋਣ ਹੋਣੀ ਹੈ।