ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਫਰਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਜੰਮੂ ਕਸ਼ਮੀਰ ਦੇ ਕਠੂਆ ਜਬਰ ਜਨਾਹ ਕਾਂਡ ਪੀੜਤ ਮੁਹੰਮਦ ਯੂਸਫ਼ ਤੇ ਉਸ ਦੇ ਵਕੀਲ ਮੂਬੀਨ ਫਾਰੂਕੀ ਵੱਲੋਂ ਸਿੰਘੂ ਬਾਰਡਰ ਦੇ ਮੰਚ ’ਤੇ ਸ਼ਮੂਲੀਅਤ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਨੇ ਦੱਸਿਆ ਕਿ ਕਠੂਆ ਕਾਂਡ ਪੀੜਤ ਨਾਲ ਸੰਯੁਕਤ ਕਿਸਾਨ ਮੋਰਚੇ ਨੇ ਉਨ੍ਹਾਂ ਦੀ ਨਾਬਾਲਗ ਧੀ ਨਾਲ ਵਾਪਰੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰ ਵਰਗ ਨੂੰ ਤੰਗ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਮੋਰਚੇ ’ਤੇ ਕਿਸਾਨ ਯੂਨੀਅਨਾਂ ਵੱਲੋਂ ਪੀੜਤ ਪਰਿਵਾਰ ਦੀ ਮਦਦ ਕੀਤੀ ਗਈ ਹੈ। ਦੋਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦਾ ਫੋਕਾ ਨਾਅਰਾ ਲਾ ਰਹੀ ਹੈ ਜਦਕਿ ਕਠੂਆ ਕਾਂਡ ਸਮੇਤ ਹੋਰ ਦਰਦਨਾਕ ਘਟਨਾਵਾਂ ਤੋਂ ਸਾਫ਼ ਹੁੰਦਾ ਹੈ ਕਿ ਮੋਦੀ ਸਰਕਾਰ ਇਸ ਮੁਹਾਜ਼ ’ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਧੀਆਂ ਪੜ੍ਹਾਉਣ ਦੇ ਦਾਅਵੇ ਵੀ ਖੋਖਲੇ ਸਾਬਤ ਹੋਏ ਹਨ। ਕਿਸਾਨ ਆਗੂਆਂ ਮੁਤਾਬਕ ਕੇਂਦਰੀ ਮੰਤਰੀਆਂ ਨਾਲ ਹੋਈਆਂ ਬੈਠਕਾਂ ਦੌਰਾਨ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਖੇਤੀ ਕਾਨੂੰਨਾਂ ਦੇ ਮਾਰੂ ਹੋਣ ਸਬੰਧੀ ਦਲੀਲਾਂ ਬਾਰੇ ਦੱਸਿਆ ਗਿਆ ਸੀ ਪਰ ਸ੍ਰੀ ਤੋਮਰ ਫਿਰ ਸੰਸਦ ਵਿੱਚ ਸਫ਼ੇਦ ਝੂਠ ਬੋਲ ਗਏ। ਆਗੂਆਂ ਨੇ ਗ਼ੈਰ-ਜਮਹੂਰੀ ਤਰੀਕੇ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।