‘ਮਹਿਲਾ ਸ਼ਾਰਟ ਸਰਵਿਸ ਕਮਿਸ਼ਨ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਵਿੱਚ ਕੋਈ ਵਿਤਕਰਾ ਨਹੀਂ ਕੀਤਾ’
ਕੇਂਦਰ ਨੇ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ
No discrimination in grant of permanent commission to women SSC officers: Centre to SC ਕੇਂਦਰ ਨੇ ਸ਼ਾਰਟ ਸਰਵਿਸ ਕਮਿਸ਼ਨ (ਐਸ ਐਸ ਸੀ) ਮਹਿਲਾ ਫੌਜੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਪੁਰਸ਼ ਹਮਰੁਤਬਾ ਦੇ ਮੁਕਾਬਲੇ ਸਥਾਈ ਕਮਿਸ਼ਨ ਦੇਣ ਵਿੱਚ ਕਿਸੇ ਵੀ ਵਿਤਕਰੇ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੂੰ ਭਰੋਸਾ ਦਿਵਾਇਆ ਕਿ ਸਾਰੇ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਜਸਟਿਸ ਸੂਰਿਆ ਕਾਂਤ, ਉਜਲ ਭੂਈਆਂ ਅਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕੇਂਦਰ ਅਤੇ ਫੌਜ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੂੰ ਕਈ ਸਵਾਲ ਪੁੱਛੇ।
ਇਸ ਤੋਂ ਬਾਅਦ ਵਧੀਕ ਸੌਲੀਸਿਟਰ ਜਨਰਲ ਨੇ ਦੱਸਿਆ ਕਿ ਸਥਾਈ ਕਮਿਸ਼ਨ ਦੀ ਗਰਾਂਟ ਵਿੱਚ ਨੀਤੀਗਤ ਫੈਸਲੇ ਦੀ ਪਾਲਣਾ ਕੀਤੀ ਜਾ ਰਹੀ ਹੈ। ਅਦਾਲਤ ਵਿੱਚ ਜਾਣ ਵਾਲੀਆਂ ਮਹਿਲਾ ਅਧਿਕਾਰੀਆਂ ਦੀਆਂ ਦਲੀਲਾਂ ਦਾ ਜਵਾਬ ਦਿੰਦਿਆਂ ਭਾਟੀ ਨੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਅਸਲ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਨਿਰਪੱਖ ਢੰਗ ਨਾਲ ਤਿਆਰ ਕੀਤੀਆਂ ਗਈਆਂ ਸਨ।
ਬੈਂਚ ਨੇ ਭਾਟੀ ਨੂੰ ਕਿਹਾ ਕਿ ਮਹਿਲਾ ਅਧਿਕਾਰੀਆਂ ਨੂੰ ਇਹ ਸੋਚਣ ਲਈ ਮਜਬੂਰ ਨਾ ਕੀਤਾ ਜਾਵੇ ਕਿ ਉਨ੍ਹਾਂ ਨੂੰ ਸਥਾਈ ਕਮਿਸ਼ਨ ਲਈ ਵਿਚਾਰਿਆ ਜਾਵੇਗਾ ਕਿ ਨਹੀਂ। ਭਾਟੀ ਨੇ ਕਿਹਾ ਕਿ ਇਹ ਪ੍ਰਭਾਵ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ 1991 ਤੋਂ ਬਾਅਦ ਦੇ ਅੰਕੜੇ ਦਰਸਾਉਂਦੇ ਹਨ ਕਿ ਮਹਿਲਾ ਅਧਿਕਾਰੀਆਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, ‘ਫੌਜ ਵਿੱਚ ਸਾਰੇ ਮਾਪਦੰਡ ਸਖਤੀ ਨਾਲ ਅਪਣਾਏ ਜਾ ਰਹੇ ਹਨ ਤੇ ਭੇਦਭਾਵ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਪੀਟੀਆਈ