ਲਖਨਊ, 29 ਅਪਰੈਲ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਇੱਥੇ ਇੱਕ ਵਾਰ ਫਿਰ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਜੋ ਆਪਣਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਪੂਰਾ ਨਹੀਂ ਕਰ ਸਕਦੇ, ਊਹ ਦੂਜਿਆਂ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਫ਼ਨਾ ਕਿਵੇਂ ਪੂਰਾ ਕਰਨਗੇ।
ਯਾਦਵ ਦੇ ਇਸ ਬਿਆਨ ਕਿ ਉਹ ਚਾਹੁੰਦੇ ਹਨ ਕਿ ਮਾਇਆਵਤੀ ਪ੍ਰਧਾਨ ਮੰਤਰੀ ਬਣੇ ਅਤੇ ਸਪਾ ਨੇ ਇਸੇ ਲਈ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਬਸਪਾ ਨਾਲ ਗੱਠਜੋੜ ਕੀਤਾ ਸੀ, ਦਾ ਜੁਆਬ ਦਿੰਦਿਆਂ ਮਾਇਆਵਤੀ ਨੇ ਹਿੰਦੀ ਵਿੱਚ ਇੱਕ ਟਵੀਟ ਕਰਦਿਆਂ ਕਿਹਾ, ‘‘ਜਦੋਂ ਸਪਾ ਮੁਖੀ ਮੁਸਲਮਾਨਾਂ ਅਤੇ ਯਾਦਵਾਂ ਦੀਆਂ ਵੋਟਾਂ ਹਾਸਲ ਕਰਕੇ ਅਤੇ ਕਈ ਪਾਰਟੀਆਂ ਨਾਲ ਗੱਠਜੋੜ ਕਰਨ ਮਗਰੋਂ ਵੀ ਆਪਣਾ (ਉੱਤਰ ਪ੍ਰਦੇਸ਼ ਦੇ) ਮੁੱਖ ਮੰਤਰੀ ਬਣਨ ਦਾ ਸੁਫ਼ਨਾ ਪੂਰਾ ਨਹੀਂ ਕਰ ਸਕੇ, ਉਹ ਦੂਜਿਆਂ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਫ਼ਨਾ ਕਿਵੇਂ ਪੂਰਾ ਕਰ ਸਕਦੇ ਹਨ।’’ ਇਸੇ ਤਰ੍ਹਾਂ ਇੱਕ ਹੋਰ ਟਵੀਟ ਵਿੱਚ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਬਸਪਾ ਨਾਲ ਗੱਠਜੋੜ ਕਰਨ ਦੇ ਬਾਵਜੂਦ ਉੱਤਰ ਪ੍ਰਦੇਸ਼ ਵਿੱਚ ਸਿਰਫ਼ ਪੰਜ ਸੀਟਾਂ ਜਿੱਤਣ ਵਾਲੀ ਪਾਰਟੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਕਿਵੇਂ ਬਣਾਏਗੀ। ਮਾਇਆਵਤੀ ਨੇ ਅਖਿਲੇਸ਼ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਹੋਛੇ ਬਿਆਨ ਨਹੀਂ ਦੇਣੇ ਚਾਹੀਦੇ ਹਨ। -ਪੀਟੀਆਈ