ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐਮਰਜੈਂਸੀ ਖ਼ਿਲਾਫ਼ ਲੜਨ ਵਾਲਿਆਂ ਨੂੰ ਹਮੇਸ਼ਾ ਯਾਦ ਕੀਤਾ ਜਾਵੇ: ਮੋਦੀ

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਕੀਤਾ ਸੰਬੋਧਨ
Advertisement

>ਨਵੀਂ ਦਿੱਲੀ, 29 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਹੀਨਾਵਾਰੀ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਪ੍ਰਮੁੱਖ ਆਗੂਆਂ ਦੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਉਸ ਦੌਰਾਨ ਲੋਕਾਂ ’ਤੇ ਹੋਏ ਜ਼ੁਲਮਾਂ ਨੂੰ ਲੈ ਕੇ ਤਤਕਾਲੀ ਕਾਂਗਰਸ ਸਰਕਾਰ ’ਤੇ ਸ਼ਬਦੀ ਵਾਰ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ (ਟਿੱਪਣੀਆਂ) ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਸੰਵਿਧਾਨ ਨੂੰ ਮਜ਼ਬੂਤ ​​ਰੱਖਣ ਲਈ ਸੁਚੇਤ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਐਮਰਜੈਂਸੀ ਲਾਈ ਸੀ, ਉਨ੍ਹਾਂ ਨੇ ‘ਨਾ ਸਿਰਫ਼ ਸਾਡੇ ਸੰਵਿਧਾਨ ਨੂੰ ਮਾਰਿਆ, ਸਗੋਂ ਉਨ੍ਹਾਂ ਦਾ ਇਰਾਦਾ ਨਿਆਂਪਾਲਿਕਾ ਨੂੰ ਆਪਣਾ ਗੁਲਾਮ ਬਣਾਈ ਰੱਖਣਾ ਸੀ।’’ ਮੋਦੀ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪਾਰਟੀ ਦਾ ਨਾਮ ਲਏ ਬਗੈਰ ਐਮਰਜੈਂਸੀ ਦੌਰਾਨ ਹੋਈਆਂ ਵਧੀਕੀਆਂ ਲਈ ਕਾਂਗਰਸ ਦੀ ਆਲੋਚਨਾ ਕੀਤੀ।

Advertisement

ਪ੍ਰਧਾਨ ਮੰਤਰੀ ਨੇ ਕਿਹਾ ਕਿ 1975 ਤੋਂ 1977 ਤੱਕ 21 ਮਹੀਨਿਆਂ ਤੱਕ ਚੱਲੀ ਐਮਰਜੈਂਸੀ ਦੌਰਾਨ ਲੋਕਾਂ ’ਤੇ ਵੱਡੇ ਜ਼ੁਲਮ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਮਿਸਾਲਾਂ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀਆਂ ਮੋਰਾਰਜੀ ਦੇਸਾਈ ਅਤੇ ਅਟਲ ਬਿਹਾਰੀ ਵਾਜਪਾਈ ਅਤੇ ਉਸ ਸਮੇਂ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਜਗਜੀਵਨ ਰਾਮ ਦੇ ਭਾਸ਼ਣਾਂ ਦੇ ਅੰਸ਼ ਵੀ ਪੜ੍ਹੇ।

ਉਨ੍ਹਾਂ ਯਾਦ ਦਿਵਾਇਆ ਕਿ ਉਸ ਸਮੇਂ ਅੰਦਰੂਨੀ ਸੁਰੱਖਿਆ ਰੱਖ-ਰਖਾਅ ਐਕਟ ਤਹਿਤ ਕਿਸੇ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਸੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਦਬਾਇਆ ਗਿਆ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਹਜ਼ਾਰਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਨ੍ਹਾਂ ’ਤੇ ਅਣਮਨੁੱਖੀ ਅੱਤਿਆਚਾਰ ਕੀਤੇ ਗਏ ਸਨ, ਪਰ ਇਹ ਭਾਰਤ ਦੇ ਲੋਕਾਂ ਦੀ ਤਾਕਤ ਹੈ ਕਿ ਉਹ ਝੁਕੇ ਨਹੀਂ, ਟੁੱਟੇ ਨਹੀਂ ਅਤੇ ਲੋਕਤੰਤਰ ਨਾਲ ਕੋਈ ਸਮਝੌਤਾ ਸਵੀਕਾਰ ਨਹੀਂ ਕੀਤਾ। -ਪੀਟੀਆਈ

ਦੇਸ਼ ਵਿੱਚ 95 ਕਰੋੜ ਲੋਕ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਲੈ ਰਹੇ ਹਨ ਲਾਭ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਕਿਹਾ ਕਿ ਹੁਣ ਲਗਪਗ 95 ਕਰੋੜ ਲੋਕ ਕਿਸੇ ਨਾ ਕਿਸੇ ਸਮਾਜਿਕ ਸੁਰੱਖਿਆ ਯੋਜਨਾ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ 2015 ਤੱਕ ਸਰਕਾਰੀ ਯੋਜਨਾਵਾਂ 25 ਕਰੋੜ ਤੋਂ ਵੀ ਘੱਟ ਲੋਕਾਂ ਤੱਕ ਪਹੁੰਚੀਆਂ ਸਨ। ਕੌਮਾਂਤਰੀ ਕਿਰਤ ਸੰਗਠਨ (ਆਈਐੱਲਓ) ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਮੋਦੀ ਨੇ ਕਿਹਾ ਕਿ ਭਾਰਤ ਦੀ 64 ਫੀਸਦ ਤੋਂ ਵੱਧ ਆਬਾਦੀ ਕਿਸੇ ਨਾ ਕਿਸੇ ਰੂਪ ਵਿੱਚ ਸਮਾਜਿਕ ਸੁਰੱਖਿਆ ਲਾਭ ਪ੍ਰਾਪਤ ਕਰ ਰਹੀ ਹੈ। ਆਪਣੇ ਪ੍ਰੋਗਰਾਮ ਦੌਰਾਨ ਮੋਦੀ ਨੇ ਵੱਖ-ਵੱਖ ਧਾਰਮਿਕ ਯਾਤਰਾਵਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਬਾਅਦ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਹੋਈ ਹੈ। ਉਨ੍ਹਾਂ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਦੇ ਨਾਲ ਨਾਲ ਵੱਖ-ਵੱਖ ਥਾਵਾਂ ’ਤੇ ਕੱਢੀ ਗਈ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦਾ ਵੀ ਜ਼ਿਕਰ ਕੀਤਾ। ਅਸਾਮ ਵਿਚਲੇ ਬੋਡੋਲੈਂਡ ਬਾਰੇ ਮੋਦੀ ਨੇ ਕਿਹਾ ਕਿ ਇਸ ਨੇ ਦੇਸ਼ ਵਿੱਚ ਵਿਲੱਖਣ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਕਿਹਾ, ‘ਇੱਥੋਂ ਦੇ ਨੌਜਵਾਨਾਂ ਦੀ ਊਰਜਾ ਫੁਟਬਾਲ ਦੇ ਮੈਦਾਨ ਵਿੱਚ ਸਭ ਤੋਂ ਵੱਧ ਦਿਖਾਈ ਦਿੰਦੀ ਹੈ।’ -ਪੀਟੀਆਈ

 

Advertisement