ਅਰਾਜਕਤਾ ਫੈਲਾਉਣ ਵਾਲਿਆਂ ਨੂੰ ਸਖਤ ਸਜ਼ਾ ਮਿਲੇਗੀ: ਆਦਿੱਤਿਆਨਾਥ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਅਰਾਜਕ ਹਰਕਤ ਦੇ ਅਜਿਹੇ ਨਤੀਜੇ ਹੋਣਗੇ ਜਿਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।
ਮੁੱਖ ਮੰਤਰੀ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਥੇ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਆਦਿੱਤਿਆਨਾਥ ਨੇ ਕਿਹਾ, ‘ਜੇ ਕੋਈ ਤਿਉਹਾਰਾਂ ਦੇ ਆਨੰਦ ਤੇ ਉਤਸ਼ਾਹ ਦੌਰਾਨ ਫਸਾਦ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਇਸ ਦੀ ਅਜਿਹੀ ਕੀਮਤ ਚੁਕਾਉਣੀ ਪਵੇਗੀ ਕਿ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।’ ਉਨ੍ਹਾਂ ਕਿਹਾ, ‘ਕੁਝ ਲੋਕ ਭਾਰਤ ’ਚ ਰਹਿੰਦੇ ਹਨ ਪਰ ‘ਗਜ਼ਵਾ-ਏ-ਹਿੰਦ’ ਦਾ ਨਾਅਰਾ ਲਗਾ ਕੇ ਭਾਰਤ ਅੰਦਰ ਰਾਸ਼ਟਰ ਵਿਰੋਧੀ ਗਤੀਵਿਧੀਆਂ ਨੂੰ ਹੁਲਾਰਾ ਦਿੰਦੇ ਹਨ।’
ਉਨ੍ਹਾਂ ਕਿਹਾ, ‘ਗਜ਼ਵਾ-ਏ-ਹਿੰਦ ਹਿੰਦੁਸਤਾਨ ਦੀ ਧਰਤੀ ’ਤੇ ਨਹੀਂ ਹੋਣ ਦਿੱਤਾ ਜਾਵੇਗਾ।’ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਰਾਜਕਤਾ ਨੂੰ ਬਰਦਾਸ਼ਤ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਧਰਤੀ ’ਤੇ ਰਹਿ ਕੇ ਭਾਰਤ-ਵਿਰੋਧੀ ਤੇ ਹਿੰਦੂ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।