ਦਿੱਲੀ ’ਚ ਸਕੂਲ ਤੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮਨਧੀਰ ਸਿੰਘ ਦਿਓਲ
ਦਿੱਲੀ ਦੇ ਦਵਾਰਕਾ ਇਲਾਕੇ ਵਿੱਚ ਸਥਿਤ ਸੇਂਟ ਥੌਮਸ ਸਕੂਲ ਅਤੇ ਦਿੱਲੀ ਯੂਨੀਵਰਸਿਟੀ ਦੇ ਸੇਂਟ ਸਟੀਫਨ’ਜ਼ ਕਾਲਜ ਨੂੰ ਅੱਜ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲੀਸ ਦੇ ਬੰਬ ਸਕੁਐਡ, ਡੌਗ ਸਕੁਐਡ, ਦਿੱਲੀ ਫਾਇਰ ਬ੍ਰਿਗੇਡ ਅਤੇ ਵਿਸ਼ੇਸ਼ ਸਟਾਫ਼ ਟੀਮਾਂ ਮੌਕੇ ’ਤੇ ਪੁੱਜੇ। ਸੁਰੱਖਿਆ ਦੇ ਮੱਦੇਨਜ਼ਰ ਦੋਵਾਂ ਕੈਂਪਸਾਂ ਨੂੰ ਖਾਲੀ ਕਰਵਾ ਲਿਆ ਗਿਆ ਸੀ। ਪੁਲੀਸ ਨੂੰ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਬੀਤੇ ਦਿਨ ਸੀਆਰਪੀਐੱਫ ਸਕੂਲ ਸਮੇਤ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਪੁਲੀਸ ਅਧਿਕਾਰੀਆਂ ਅਨੁਸਾਰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੂੰ ਦੋਵਾਂ ਮਾਮਲਿਆਂ ਦੀ ਜਾਂਚ ਸੌਂਪੀ ਗਈ ਹੈ। ਪੁਲੀਸ ਸਾਈਬਰ ਮਾਹਿਰਾਂ ਦੀ ਮਦਦ ਨਾਲ ਈ-ਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਭਾਜਪਾ ਦੇ ਚਾਰੇ ਇੰਜਣ ਫੇਲ੍ਹ ਹੋਏ: ਕੇਜਰੀਵਾਲ
‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾਉਂਦਿਆਂ ਸਵਾਲ ਕੀਤਾ ਹੈ ਕਿ ਭਾਜਪਾ ਦੇ ਰਾਜ ਵਿੱਚ ਕੀ ਹੋ ਰਿਹਾ ਹੈ? ਉਨ੍ਹਾਂ ਕਿਹਾ ਕਿ ਦਿੱਲੀ ’ਚ ਸਕੂਲਾਂ-ਕਾਲਜਾਂ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣੀਆਂ ਡਰਾਉਣੀਆਂ ਅਤੇ ਚਿੰਤਾਜਨਕ ਹਨ। ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਕੇਜਰੀਵਾਲ ਅਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਤੇ ਹੋਰ ਨੇਤਾਵਾਂ ਨੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਕੂਲਾਂ-ਕਾਲਜਾਂ ਨੂੰ ਮਿਲੀਆਂ ਧਮਕੀਆਂ ਨੇ ਬੱਚਿਆਂ ’ਚ ਡਰ ਪੈਦਾ ਕਰ ਦਿੱਤਾ ਹੈ ਅਤੇ ਮਾਪੇ ਚਿੰਤਤ ਹਨ। ਭਾਜਪਾ ਦੇ ਚਾਰੇ ਇੰਜਣ ਫੇਲ੍ਹ ਹੋ ਗਏ ਹਨ। ਦਿੱਲੀ ਨਗਰ ਨਿਗਮ ਵਿੱਚ ‘ਆਪ’ ਦੇ ਵਿਰੋਧੀ ਧਿਰ ਦੇ ਨੇਤਾ ਅੰਕੁਸ਼ ਨਾਰੰਗ ਨੇ ਐਕਸ ’ਤੇ ਕਿਹਾ ਕਿ ਜੇ ਦੇਸ਼ ਦੀ ਰਾਜਧਾਨੀ ਵਿੱਚ ਸਕੂਲ ਸੁਰੱਖਿਅਤ ਨਹੀਂ ਹਨ ਤਾਂ ਸੁਰੱਖਿਅਤ ਕੀ ਹੈ?