ਤਿੰਨ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਤੋਂ
ਇੱਥੇ ਸੁਖਨਾ ਝੀਲ ’ਤੇ ਸਥਿਤ ਲੇਕ ਸਪੋਰਟਸ ਕੰਪਲੈਕਸ ਵਿੱਚ ਤਿੰਨ ਦਿਨਾਂ 9ਵਾਂ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਤੋਂ ਸ਼ੁਰੂ ਹੋਵੇਗਾ। ਫੈਸਟੀਵਲ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ 7 ਨਵੰਬਰ ਨੂੰ ਸਵੇਰੇ ਦਸ ਵਜੇ ਕੀਤਾ ਜਾਵੇਗਾ। ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਚੰਡੀਗੜ੍ਹ ਦੇ ਚੇਅਰਮੈਨ ਲੈਫ਼ਟੀਨੈਂਟ ਜਨਰਲ ਟੀ ਐੱਸ ਸ਼ੇਰਗਿੱਲ ਨੇ ਕਿਹਾ ਕਿ ਚੰਡੀਗੜ੍ਹ ਵਿੱਚ 7 ਤੋਂ 9 ਨਵੰਬਰ ਤੱਕ ਕਰਵਾਏ ਜਾਣ ਵਾਲੇ 9ਵਾਂ ਮਿਲਟਰੀ ਲਿਟਰੇਚਰ ਫੈਸਟੀਵਲ ‘ਮਲਟੀ-ਡੋਮੇਨ ਯੁੱਧ ਅਤੇ ਭਾਰਤ ਵਿੱਚ ਹਾਰਟਲੈਂਡ ਤੇ ਰਿਮਲੈਂਡ ਸ਼ਕਤੀਆਂ’ ਉੱਤੇ ਅਧਾਰਤ ਹੈ। ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਰੱਖਿਆ ਮਾਹਿਰਾਂ ਵੱਲੋਂ ਕੌਮੀ ਤੇ ਕੌਮਾਂਤਰੀ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਫੈਸਟੀਵਲ ਦੇ ਪਹਿਲੇ ਦਿਨ ਅਪਰੇਸ਼ਨ ਸਿੰਧੂਰ ਵਿੱਚ ਹਵਾਈ ਸੈਨਾ ਦੀ ਤਾਕਤ ਤੇ ਟਕਰਾਅ ਬਾਰੇ ਗੱਲਬਾਤ ਹੋਵੇਗਾ। ਇਸ ਤੋਂ ਇਲਾਵਾ ਚੀਨ ਤੇ ਪਾਕਿਸਤਾਨ ਨਾਲ ਟਕਰਾਅ ਅਤੇ ਉਨ੍ਹਾਂ ਤੋਂ ਪੇਸ਼ ਆਉਣ ਵਾਲੀਆਂ ਚੁਣੌਤੀਆਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ 8 ਨਵੰਬਰ ਨੂੰ ਸਾਲ 1965 ਦੀ ਭਾਰਤ-ਪਾਕਿਸਤਾਨ ਜੰਗ, ਭਾਰਤ ਨੂੰ ਪਾਣੀ ਕਰ ਕੇ ਪੇਸ਼ ਆਉਣ ਵਾਲੀਆਂ ਚੁਣੌਤੀਆਂ ਅਤੇ ਭਾਰਤ ਦੇ ਰੱਖਿਆ ਪ੍ਰਬੰਧਾਂ ਨੂੰ ਲੈ ਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਵੱਖ-ਵੱਖ ਰੱਖਿਆ ਮਾਹਿਰਾਂ ਵੱਲੋਂ ਆਪੋ-ਆਪਣੇ ਵਿਚਾਰ ਰੱਖੇ ਜਾਣਗੇ। ਮਿਲਟਰੀ ਲਿਟਰੇਚਰ ਫੈਸਟੀਵਲ ਦੇ ਡਾਇਰੈਕਟਰ ਮਨਦੀਪ ਸਿੰਘ ਬਾਜਵਾ ਨੇ ਕਿਹਾ ਕਿ ਫੈਸਟੀਵਲ ਦੇ ਸਮਾਪਤੀ ਸਮਾਰੋਹ ਵਿੱਚ 9 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ। ਜਿਨ੍ਹਾਂ ਵੱਲੋਂ 1965 ਦੀ ਭਾਰਤ-ਪਾਕਿਸਤਾਨ ਜੰਗ ਦੇ ਯੋਧਿਆਂ ਨੂੰ ਸਨਮਾਨਿਆ ਜਾਵੇਗਾ। ਸ਼੍ਰੀ ਬਾਜਵਾ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਫੌਜ ਦੇ ਹਥਿਆਰਾਂ ਦੀ ਪ੍ਰਦਰਸ਼ਨੀ, ਨੌਜਵਾਨਾਂ ਵਿੱਚ ਦੇਸ਼ ਭਗਤੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਫਿਲਮਾਂ ਤੇ ਫ਼ੌਜ ਦੇ ਇਤਿਹਾਸ ਨਾਲ ਜੁੜੀ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸ ਮੌਕੇ ਭਾਰਤੀ ਫੌਜ ਵੱਲੋਂ ਘੋੜਿਆਂ ਦਾ ਸ਼ੋਅ ਤੇ ਡਾਗ ਸ਼ੋਅ ਮੁੱਖ ਤੌਰ ’ਤੇ ਖਿੱਚ ਦਾ ਕੇਂਦਰ ਰਹੇਗਾ। ਉਨ੍ਹਾਂ ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਹੋਰ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਫੈਸਟੀਵਲ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਲੋਕਾਂ ਨੂੰ ਕੌਮਾਂਤਰੀ ਮੁੱਦਿਆਂ ਤੋਂ ਜਾਣੂ ਕਰਵਾਉਂਦੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਵਿੱਚ ਭਾਰਤੀ ਫੌਜ ਪ੍ਰਤੀ ਸਨਮਾਨ ਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਪੈਦਾ ਕਰਦੇ ਹਨ। ਇਸੇ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਭਾਰਤੀ ਫੌਜ ਵਿੱਚ ਸ਼ਾਮਲ ਹੁੰਦੇ ਹਨ।
