ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨਾਂ ਵੱਲੋਂ ਤਿੰਨ ਘੰਟਿਆਂ ਦਾ ‘ਰੇਲ ਰੋਕੋ’ ਅੰਦੋਲਨ ਅੱਜ

ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਤਿੰਨ ਦਰਜਨ ਥਾਵਾਂ ’ਤੇ ਰੇਲ ਮਾਰਗ ਕੀਤੇ ਜਾਣਗੇ ਜਾਮ
Advertisement

ਟਿ੍ਰਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਅਕਤੂਬਰ

Advertisement

ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ 8 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲਖੀਮਪੁਰ ਖੀਰੀ ਮਾਮਲੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਭਲਕੇ ਵੀਰਵਾਰ ਨੂੰ ‘ਰੇਲ ਰੋਕੋ’ ਅੰਦੋਲਨ ਤਹਿਤ ਪੰਜਾਬ, ਹਰਿਆਣਾ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਦੁਪਹਿਰੇ 12 ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਕਤਲ ਮਾਮਲੇ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਉਸ ਘਟਨਾ ਵਿੱਚ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਦੇ ਪੁੱਤਰ ਦੀ ਸ਼ਮੂਲੀਅਤ ਕਰਕੇ ਭਾਜਪਾ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਐੱਮਐੱਸਪੀ ’ਤੇ ਕਾਨੂੰਨੀ ਗਰੰਟੀ ਸਣੇ 12 ਹੋਰਨਾਂ ਹੱਕੀ ਮੰਗਾਂ ਨੂੰ ਵੀ ਕੇਂਦਰ ਸਰਕਾਰ ਨੇ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ।

ਸ੍ਰੀ ਪੰਧੇਰ ਨੇ ਕਿਹਾ ਕਿ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਤਿੰਨ ਦਰਜਨ ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਵਿੱਚ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਮੋਗਾ, ਪਟਿਆਲਾ, ਮੁਕਤਸਰ, ਕਪੂਰਥਲਾ, ਸੰਗਰੂਰ, ਫ਼ਰੀਦਕੋਟ, ਬਠਿੰਡਾ, ਪਠਾਨਕੋਟ ਸਣੇ ਵੱਖ-ਵੱਖ ਥਾਵਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ। ਇਸੇ ਤਰ੍ਹਾਂ ਹਰਿਆਣਾ ਵਿੱਚ ਤਿੰਨ, ਰਾਜਸਥਾਨ ਵਿੱਚ 2 ਅਤੇ ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਸਣੇ ਹੋਰਨਾਂ ਸੂਬਿਆਂ ਵਿੱਚ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਮੌਕੇ ਕਿਸਾਨ, ਮਜ਼ਦੂਰ ਸਣੇ ਵੱਖ-ਵੱਖ ਵਰਗਾਂ ਦੇ ਵੱਡੀ ਗਿਣਤੀ ਵਿੱਚ ਨੌਜਵਾਨ, ਔਰਤਾਂ, ਬਜ਼ੁਰਗ ਸ਼ਮੂਲੀਅਤ ਕਰਨਗੇ। ਕਿਸਾਨ-ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Advertisement
Tags :
Punjabi khabarPunjabi NewsStop the trainThree HourUnited Kisan Morcha