DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਹਤ ਕਾਰਜਾਂ ਦੀ ਨਿਗਰਾਨੀ ਲਈ ਤਿੰਨ ਮੈਂਬਰੀ ਕਮੇਟੀ ਕਾਇਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮੁੱਖ ਸਕੱਤਰ ਤੋਂ ਇਲਾਵਾ ਭਾਰਤੀ...
  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮੁੱਖ ਸਕੱਤਰ ਤੋਂ ਇਲਾਵਾ ਭਾਰਤੀ ਫੌਜ ਦੇ ਨੁਮਾਇੰਦੇ, ਐੱਨ ਡੀ ਆਰ ਐੱਫ ਅਤੇ ਹੋਮਗਾਰਡਜ਼ ਦੇ ਡੀਜੀਪੀ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵਰਚੁਅਲੀ ਸ਼ਾਮਲ ਹੋਏ। ਇਸ ਦੌਰਾਨ ਫ਼ੌਜ ਦੇ 20 ਹੈਲੀਕਾਪਟਰ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਮੁੱਖ ਮੰਤਰੀ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ, ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਬਚਾਅ ਕਾਰਜਾਂ ਦੀ ਨਿਗਰਾਨੀ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰਿਆਂ ਨੂੰ 30 ਅਤੇ 31 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਵਾਸਤੇ ਤਿਆਰ ਰਹਿਣ ਲਈ ਕਿਹਾ।

ਭਗਵੰਤ ਮਾਨ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਉੱਚ ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨਗੇ ਤਾਂ ਜੋ ਹੜ੍ਹ ਪੀੜਤਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਸੂਬੇ ਵਿੱਚ ਸਥਿਤੀ ਗੰਭੀਰ ਹੋਈ ਹੈ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਆਇਆ ਹੈ, ਜੋ ਕਿ ਅੱਜ ਤੱਕ ਦਾ ਸਭ ਤੋਂ ਵੱਧ ਪਾਣੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਭਾਰਤੀ ਫੌਜ ਨੂੰ ਤਾਇਨਾਤ ਕਰ ਦਿੱਤਾ ਹੈ ਜਿਨ੍ਹਾਂ ਵੱਲੋਂ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਮੈਡੀਕਲ ਟੀਮਾਂ ਭੇਜਣ ਦੇ ਨਿਦਰੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਡੀਕਲ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦੇ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ਼ ਤੇ ਪੀਣਯੋਗ ਪਾਣੀ ਉਦੋਂ ਤੱਕ ਮੁਹੱਈਆ ਕਰਵਾਇਆ ਜਾਵੇਗਾ, ਜਦੋਂ ਤੱਕ ਜਲ ਸਪਲਾਈ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲੋਕਾਂ ਨੂੰ ਪਾਣੀ ਦੇ ਨਾਲ-ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ, ਖੰਡ, ਚੌਲ, ਆਟਾ, ਘਿਓ, ਦੁੱਧ ਪਾਊਡਰ ਮੁਹੱਈਆ ਕਰਵਾਏ ਜਾਣ।

ਮੁੱਖ ਮੰਤਰੀ ਵੱਲੋਂ ਘੱਗਰ ’ਤੇ ਨਜ਼ਰ ਰੱਖਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਘੱਗਰ ’ਚ ਇਕਦਮ ਆਏ ਪਾਣੀ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਨਦੀ ਦੇ ਵਹਾਅ ’ਤੇ ਨਜ਼ਰ ਰੱਖੀ ਜਾਵੇ, ਕਿਉਂਕਿ ਘੱਗਰ ’ਚ ਆਉਣ ਵਾਲੇ ਪਾਣੀ ਨੂੰ ਰੋਕਣ ਦਾ ਕੋਈ ਉਪਾਅ ਨਹੀਂ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਘੱਗਰ ਵਿੱਚ ਇਕਦਮ ਪਾਣੀ ਦਾ ਪੱਧਰ ਵੱਧਣ ਕਾਰਨ ਇਸ ਦੇ ਆਲੇ-ਦੁਆਲੇ ਦੇ ਇਲਾਕਾ ਵਾਸੀਆਂ ਵਿੱਚ ਦਹਿਸ਼ਤ ਫੈਲ ਗਈ। ਪੰਜਾਬ ਸਰਕਾਰ ਨੇ ਘੱਗਰ ’ਤੇ ਚੌਕਸੀ ਵਧਾ ਦਿੱਤੀ ਹੈ।

ਹੜ੍ਹਾਂ ਦੀ ਮਾਰ: ਪੰਜਾਬ ’ਚ ਫੌਜ ਦੇ 20 ਹੈਲੀਕਾਪਟਰ ਜਾਨਾਂ ਬਚਾਉਣ ’ਚ ਜੁਟੇ

ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਦੇ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਮੀਂਹ ਪੈਣ ਕਰਕੇ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜਿਸ ਕਰਕੇ ਸੂਬੇ ਦੇ ਸੱਤ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਇਸ ਆਫ਼ਤ ਕਾਰਨ ਲੱਖਾਂ ਏਕੜ ਫ਼ਸਲ ਡੁੱਬ ਗਈ ਹੈ ਅਤੇ ਹਜ਼ਾਰਾਂ ਲੋਕ ਫਸੇ ਹੋਏ ਹਨ। ਇਸ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਭਾਰਤੀ ਫੌਜ ਦੇ 20 ਹੈਲੀਕਾਪਟਰ ਜੁਟੇ ਹੋਏ ਹਨ। ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਨਾਲ-ਨਾਲ ਭਾਰਤੀ ਫੌਜ, ਬੀ ਐੱੱਸ ਐੱਫ, ਐੱਨ ਡੀ ਆਰ ਐੱਫ, ਐੱਸ ਡੀ ਆਰ ਐੱਫ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ। ਇਨ੍ਹਾਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਫਸੇ ਹੁਣ ਤੱਕ 7689 ਜਣਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

ਪੰਜਾਬ ਪੁਲੀਸ ਦੇ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜੁਟ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਰੋਨ ਦੀ ਮਦਦ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੌਰਾਨ ਫਸੇ ਹੋਏ ਲੋਕਾਂ ਨੂੰ ਡਰੋਨ ਰਾਹੀਂ ਭੋਜਨ ਵੀ ਪਹੁੰਚਾਇਆ ਜਾ ਰਿਹਾ ਹੈ ਅਤੇ ਹੋਰ ਲੋੜੀਂਦੀ ਮਦਦ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ, ਭੋਜਨ ਅਤੇ ਦਵਾਈਆਂ ਦੇ ਲੰਗਰ ਵੀ ਲਾਏ ਗਏ ਹਨ। ਇਸ ਦੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਸ੍ਰੀ ਸ਼ੁਕਲਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਮੀਂਹ ਦਾ ਅਲਰਟ ਜਾਰੀ ਹੋਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੂੰ ਹੜ੍ਹ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ’ਤੇ ਰੱਖਿਆ ਗਿਆ ਹੈ। ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

Advertisement
×