ਸ੍ਰੀਨਗਰ: ਸੁਰੱਖਿਆ ਬਲਾਂ ਨੇ ਅੱਜ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲੇ ਲਸ਼ਕਰ-ਏ-ਤਇਬਾ ਦੇ ਤਿੰਨ ਅਤਿਵਾਦੀ ਹਲਾਕ ਕਰ ਦਿੱਤੇ। ਇਸੇ ਦੌਰਾਨ ਗੋਲੀਬਾਰੀ ਵਿੱਚ ਇਕ ਕੁਲੀ ਦੀ ਵੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ ’ਤੇ ਪੁਲੀਸ ਅਤੇ ਫ਼ੌਜ ਨੇ ਕੁਪਵਾੜਾ ਦੇ ਪਿੰਡ ਜੁਮਾਗੁੰਡ ਵਿੱਚ ਅਤਿਵਾਦੀਆਂ ਵੱਲੋਂ ਘੁਸਪੈਠ ਕਰਨ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਇਸ ਦੌਰਾਨ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ’ਚ ਤਿੰਨ ਅਤਿਵਾਦੀ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅਤਿਵਾਦੀ ਲਸ਼ਕਰ-ਏ-ਤਇਬਾ ਨਾਲ ਸਬੰਧਤ ਸਨ। ਪੁਲੀਸ ਵੱਲੋਂ ਇਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। -ਪੀਟੀਆਈ