ਨਵੀਂ ਦਿੱਲੀ, 4 ਅਗਸਤ: ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਖ਼ਿਲਾਫ਼ ਚੱਲ ਰਹੇ ਏਅਰਸੈੱਲ-ਮੈਕਸਿਸ ਕੇਸ ਦੀ ਜਾਂਚ ’ਚ ਬਰਤਾਨੀਆ ਤੇ ਸਿੰਗਾਪੁਰ ਤੋਂ ਦਸਤਾਵੇਜ਼ ਸਬੰਧੀ ਰਿਪੋਰਟ ਹਾਸਲ ਕਰਨ ਲਈ ਦਿੱਲੀ ਦੀ ਇੱਕ ਅਦਾਲਤ ਨੇ ਅੱਜ ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਤਿੰਨ ਮਹੀਨੇ ਹੋਰ ਸਮਾਂ ਦਿੱਤਾ ਹੈ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾਰ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਕੇਸ ਦੀ ਸੁਣਵਾਈ ਕੀਤੀ ਅਤੇ ਦੋਵਾਂ ਏਜੰਸੀਆਂ ਵੱਲੋਂ ਦਾਇਰ ਕੀਤੀ ਗਈ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ। ਜਾਂਚ ਏਜੰਸੀਆਂ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਕੇਸ ਨਾਲ ਸਬੰਧਤ ਰਿਪੋਰਟ ਭੇਜੀ ਜਾ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਹਾਸਲ ਨਹੀਂ ਹੋਈ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 3 ਨਵੰਬਰ ਨੂੰ ਪਾ ਦਿੱਤੀ ਹੈ। -ਪੀਟੀਆਈ