ਕਨਕਾਵਲੀ, 7 ਫਰਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੀ ਸੱਤਾਧਾਰੀ ਮਹਾ ਵਿਕਾਸ ਅਗਾੜੀ ਸਰਕਾਰ ਨੂੰ ‘ਤਿੰਨ ਪਹੀਆ ਆਟੋ ਰਿਕਸ਼ਾ’ ਕਰਾਰ ਦਿੱਤਾ ਅਤੇ ਉਸ ’ਤੇ ਸਾਰੇ ਮੋਰਚਿਆਂ ’ਤੇ ਨਾਕਾਮ ਰਹਿਣ ਦਾ ਦੋਸ਼ ਲਾਇਆ। ਮਹਾਰਾਸ਼ਟਰ ਦੇ ਸਿੰਘਦੁਰਗ ਜ਼ਿਲ੍ਹੇ ਦੇ ਕਨਕਾਵਲੀ ਵਿੱਚ ਪ੍ਰਾਈਵੇਟ ਮੈਡੀਕਲ ਕਾਲਜ ਦਾ ਉਦਘਾਟਨ ਕਰਨ ਮਗਰੋਂ ਸ਼ਾਹ ਨੇ ਕਿਹਾ ਕਿ ਇਸ ਆਟੋ ਰਿਕਸ਼ਾ ਦੇ ਸਾਰੇ ਪਹੀਏ ਵੱਖ-ਵੱਖ ਦਿਸ਼ਾ ਵੱਲ ਦੌੜ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਗੱਠਜੋੜ ਸੱਤਾ ਦੀ ਲਾਲਸਾ ਲਈ ਬਣਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੇ ਸਹਿਯੋਗੀ ਸ਼ਿਵ ਸੈਨਾ ਨਾਲ ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸਾਂਝਾ ਕਰਨ ਸਬੰਧੀ ਕੋਈ ਵਾਅਦਾ ਨਹੀਂ ਕੀਤਾ ਸੀ।-ਪੀਟੀਆਈ