ਨਵੀਂ ਦਿੱਲੀ, 23 ਨਵੰਬਰ
ਸੁਪਰੀਮ ਕੋਰਟ ਨੇ ਤ੍ਰਿਪੁਰਾ ’ਚ ਨਿਗਮ ਚੋਣਾਂ ਟਾਲਣ ਸਬੰਧੀ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਅਪੀਲ ਨਾਮਨਜ਼ੂਰ ਕਰ ਦਿੱਤੀ ਹੈ। ਅਦਾਲਤ ਨੇ ਲੋਕਤੰਤਰ ’ਚ ਇਸ ਨੂੰ ਇੱਕ ਆਖਰੀ ਉਪਾਅ ਦੱਸਦਿਆਂ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸੂਬਾ ਪੁਲੀਸ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਸਿਖਰਲੀ ਅਦਾਲਤ ਨੇ ਸੰਵੇਦਨਸ਼ੀਲ ਇਲਾਕਿਆਂ ’ਚ ਨੀਮ ਫੌਜੀ ਦਸਤਿਆਂ ਦੀ ਤਾਇਨਾਤੀ ਦੀ ਸਮੀਖਿਆ ਕਰਨ ਦਾ ਨਿਰਦੇਸ਼ ਦਿੱਤਾ ਤੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਦੇਸ਼ਾਂ ਦਾ ਪਾਲਣ ਨਾ ਕੀਤਾ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਅਦਾਲਤ ਨੇ ਚੋਣ ਪ੍ਰਚਾਰ ਦੌਰਾਨ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਦਰਜ ਕੇਸਾਂ ਤੇ ਉਨ੍ਹਾਂ ਮਾਮਲਿਆਂ ’ਚ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਦੇ ਵੇਰਵੇ ਵੀ ਮੰਗੇ ਹਨ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਵਿਕਰਮ ਨਾਥ ਦੇ ਬੈਂਚ ਨੇ ਕਿਹਾ, ‘ਚੋਣ ਟਾਲਣਾ ਇੱਕ ਆਖਰੀ ਉਪਾਅ ਹੈ। ਸਾਡਾ ਵਿਚਾਰ ਹੈ ਕਿ ਪਟੀਸ਼ਨਰਾਂ ਵੱਲੋਂ ਜਤਾਏ ਗਏ ਖਦਸ਼ਿਆਂ ਦਾ ਸਹੀ ਢੰਗ ਨਾਲ ਨਬਿੇੜਾ ਤ੍ਰਿਪੁਰਾ ਨੂੰ ਨਿਰਦੇਸ਼ ਜਾਰੀ ਕਰਕੇ ਕੀਤਾ ਜਾ ਸਕਦਾ ਹੈ। -ਪੀਟੀਆਈ