ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟਰੈਕਟਰ ਮਾਰਚ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ

ਕਿਸਾਨਾਂ ਵੱਲੋਂ 8 ਜਾਂ 9 ਫਰਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ; 5 ਮਾਰਚ ਤੋਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਪੱਕੇ ਮੋਰਚੇ ਲਾਉਣ ਲਈ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਬਠਿੰਡਾ ਵਿੱਚ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕਰਦੇ ਹੋਏ ਕਿਸਾਨ। -ਫੋਟੋ: ਪਵਨ ਸ਼ਰਮਾ
Advertisement

* ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ਵਿੱਚ ਮਤਾ ਪਾ ਕੇ ਰੱਦ ਕਰਨ ਦੀ ਕੀਤੀ ਮੰਗ

* ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਸਬੰਧੀ ਗਾਰੰਟੀ ਕਾਨੂੰਨ ਬਣਾਉਣ ਤੇ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ’ਤੇ ਜ਼ੋਰ

Advertisement

ਆਤਿਸ਼ ਗੁਪਤਾ

ਚੰਡੀਗੜ੍ਹ, 27 ਜਨਵਰੀ

ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ ਗਏ। ਇਨ੍ਹਾਂ ਟਰੈਕਟਰ ਮਾਰਚਾਂ ਵਿੱਚ ਪੰਜਾਬ ਭਰ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਦੇ ਕਿਸਾਨ-ਮਜ਼ਦੂਰ ਵਿਰੋਧੀ ਰਵੱਈਏ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਵਿੱਚ 8 ਜਾਂ 9 ਫਰਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਅਤੇ 5 ਮਾਰਚ ਤੋਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਪੱਕੇ ਮੋਰਚੇ ਲਈ ਅੱਜ ਤੋਂ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਅਤੇ ਇਸ ਵਿਰੁੱਧ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਮਤੇ ਪਾਸ ਕਰਨ, ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਦਿੰਦਾ ਕਾਨੂੰਨ ਬਣਾਉਣ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ।

ਅੰਮ੍ਰਿਤਸਰ ਵਿੱਚ ਟਰੈਕਟਰ ਮਾਰਚ ਕਰਦੇ ਹੋਏ ਕਿਸਾਨ। -ਫੋਟੋ: ਵਿਸ਼ਾਲ ਕੁਮਾਰ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ, ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਬਿੰਦਰ ਸਿੰਘ ਗੋਲੇਵਾਲਾ, ਰੁਲਦੂ ਸਿੰਘ ਮਾਨਸਾ, ਡਾ. ਦਰਸ਼ਨਪਾਲ ਅਤੇ ਸੁਖਦੇਵ ਸਿੰਘ ਕੋਕਰੀਕਲਾਂ ਨੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਖੇਤੀਬਾੜੀ ਮੰਡੀਆਂ ਉੱਤੇ ਐਗਰੋ ਵਪਾਰ ਦੀਆਂ ਵੱਡੀਆਂ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣੇ ਅੱਖ ਰੱਖੀ ਬੈਠੇ ਹਨ। ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਰਾਹੀਂ ਕੇਂਦਰ ਸਰਕਾਰ ਨੇ ਖੇਤੀ ਮੰਡੀਕਰਨ ਦੇ ਵਿਕਾਸ ਦੇ ਨਾਂ ਹੇਠ ਕਾਰਪੋਰੇਟ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਹ ਨੀਤੀ ਪ੍ਰਾਈਵੇਟ ਅਤੇ ਸਿੱਧੀ ਮੰਡੀ ਰਾਹੀਂ ਏਪੀਐੱਮਸੀ ਮੰਡੀ ਉੱਤੇ ਹਮਲਾ ਹੈ। ਇਹ ਨੀਤੀ ਕਿਸਾਨਾਂ ਨੂੰ ਖੁੱਲ੍ਹੇ ਬਾਜ਼ਾਰ ਦੀਆਂ ਨੀਤੀਆਂ ਦੇ ਮੈਦਾਨ ਵਿੱਚ ਬਿਨਾਂ ਕਿਸੇ ਢਾਲ ਤੋਂ ਵੱਡੀਆਂ ਬਹੁਕੌਮੀ ਕੰਪਨੀਆਂ ਦਾ ਖਾਜਾ ਬਣਾਉਣ ਲਈ ਤਿਆਰ ਕੀਤੀ ਗਈ ਹੈ ਜੋ ਕਿ ਡਬਲਿਊਟੀਓ ਅਤੇ ਵਿਸ਼ਵ ਬੈਂਕ ਦੇ ਨੁਸਖੇ ਅਨੁਸਾਰ ਹਨ।ਉਨ੍ਹਾਂ ਕਿਹਾ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਵਿੱਚ ਐੱਮਐੱਸਪੀ ਦੇਣ ਲਈ ਕੋਈ ਵਿਵਸਥਾ ਨਹੀਂ ਹੈ ਅਤੇ ਨਾ ਹੀ ਸਰਕਾਰੀ ਖਰੀਦ ਲਈ ਕੋਈ ਵਿਵਸਥਾ ਹੈ। ਇਹ ਨੀਤੀ ਕਿਸਾਨ ਦੇ ਨਾਲ-ਨਾਲ ਆਮ ਲੋਕਾਂ ਲਈ ਅਨਾਜ ਦੀ ਮਹਿੰਗਾਈ ਵਧਾਉਣ ਦਾ ਜ਼ਰੀਆ ਬਣੇਗੀ। ਇਸ ਨੀਤੀ ਦੇ ਲਾਗੂ ਹੋਣ ਨਾਲ ਗਰੀਬ ਲੋਕਾਂ, ਕਾਮਿਆਂ ਅਤੇ ਕਿਸਾਨਾਂ ਨੂੰ ਖੁੱਲ੍ਹੇ ਬਾਜ਼ਾਰਾਂ ਤੋਂ ਆਪਣੀਆਂ ਸਾਰੀਆਂ ਜ਼ਰੂਰਤਾਂ ਖਰੀਦਣ ਲਈ ਮਜਬੂਰ ਕੀਤਾ ਜਾਵੇਗਾ। ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਨੀਤੀ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾ ਕੇ ਰੱਦ ਕਰੇ। ਇਸ ਮੌਕੇ ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਫੁਰਮਾਨ ਸਿੰਘ ਸੰਧੂ, ਜੰਗਵੀਰ ਸਿੰਘ ਚੌਹਾਨ, ਰੂਪ ਬਸੰਤ ਸਿੰਘ ਵੜੈਚ, ਬਲਵਿੰਦਰ ਸਿੰਘ ਮੱਲੀ ਨੰਗਲ, ਪ੍ਰੇਮ ਸਿੰਘ ਭੰਗੂ, ਸੁਖਦੇਵ ਸਿੰਘ ਅਰਾਈਆਂਵਾਲਾ, ਨਛੱਤਰ ਸਿੰਘ ਜੈਤੋ, ਮਲੂਕ ਸਿੰਘ ਹੀਰਕੇ, ਹਰਦੇਵ ਸਿੰਘ ਸੰਧੂ, ਹਰਬੰਸ ਸਿੰਘ ਸੰਘਾ, ਸੁਖ ਗਿੱਲ ਮੋਗਾ, ਬੂਟਾ ਸਿੰਘ ਸ਼ਾਦੀਪੁਰ, ਕਿਰਨਜੀਤ ਸਿੰਘ ਸੇਖੋਂ, ਕੁਲਦੀਪ ਸਿੰਘ ਬਜੀਦਪੁਰ ਤੇ ਕਿਰਪਾ ਸਿੰਘ ਆਦਿ ਨੇ ਸੰਬੋਧਨ ਕੀਤਾ।

ਕਿਸਾਨਾਂ ਨੇ ਸ਼ਾਪਿੰਗ ਮਾਲ, ਸਾਈਲੋਜ਼ ਤੇ ਭਾਜਪਾ ਆਗੂਆਂ ਦੇ ਦਫ਼ਤਰਾਂ ਮੂਹਰੇ ਪ੍ਰਦਰਸ਼ਨ ਕੀਤੇ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਕਾਰਪੋਰੇਟਾਂ ਦੇ ਸ਼ਾਪਿੰਗ ਮਾਲਾਂ, ਸਾਈਲੋਜ਼ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਮੂਹਰੇ ਟਰੈਕਟਰ ਖੜ੍ਹੇ ਕਰ ਕੇ ਪ੍ਰਦਰਸ਼ਨ ਕੀਤੇ। ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਾਈਵੇਟ ਸਾਈਲੋਜ਼ ਨੂੰ ਪ੍ਰਾਈਵੇਟ ਮੰਡੀ ਯਾਰਡ ਐਲਾਨਣ ਪਿੱਛੇ ਸਰਕਾਰ ਦਾ ਮਕਸਦ ਕੁਝ ਕੁ ਫ਼ਸਲਾਂ ਦੀ ਹੋ ਰਹੀ ਸਰਕਾਰੀ ਖਰੀਦ ਤੋਂ ਪੱਲਾ ਝਾੜਨਾ ਹੈ। ਇਹ ਸਾਈਲੋਜ਼ ਕੁਝ ਸਮੇਂ ਲਈ ਕਿਸਾਨਾਂ ਦੀ ਫ਼ਸਲ ਚੰਗੇ ਭਾਅ ’ਤੇ ਖਰੀਦਣਗੇ ਅਤੇ ਸਰਕਾਰੀ ਮੰਡੀ ਨੂੰ ਤੋੜਨ ਦਾ ਕੰਮ ਕਰਨਗੇ। ਉਸ ਮਗਰੋਂ ਫ਼ਸਲਾਂ ਦਾ ਭੰਡਾਰਨ ਕਰ ਕੇ ਕਾਲਾ ਬਾਜ਼ਾਰੀ ਕਰਨਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਰਪੋਰੇਟ ਘਰਾਣੇ ਅੱਜ ਖੇਤੀ ਸੈਕਟਰ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਸੇ ਤਰ੍ਹਾਂ ਦੁਕਾਨਦਾਰਾਂ ਦੇ ਕਾਰੋਬਾਰਾਂ ਲਈ ਕਾਰਪੋਰੇਟ ਘਰਾਣਿਆਂ ਵੱਲੋਂ ਬਣਾਏ ਗਏ ਸ਼ਾਪਿੰਗ ਮਾਲ ਨੁਕਸਾਨਦੇਹ ਸਾਬਿਤ ਹੋ ਰਹੇ ਹਨ। ਇਨ੍ਹਾਂ ਸ਼ਾਪਿੰਗ ਮਾਲਾਂ ਕਰ ਕੇ ਪਰਚੂਨ ਦੁਕਾਨਦਾਰਾਂ ਦੇ ਕਾਰੋਬਾਰ ਨੂੰ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਸਮਾਜ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਦੀ ਰਾਖੀ ਲਈ ਅੰਦੋਲਨ ਦਾ ਹਿੱਸਾ ਬਣਨਾ ਚਾਹੀਦਾ ਹੈ।

Advertisement