ਸ਼ਿਮਲਾ, 9 ਜੁਲਾਈ
ਕਾਂਗਰਸ ਆਗੂ ਰਾਹੁਲ ਗਾਂਧੀ ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਵੀਰਭੱਦਰ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ।
ਰਾਹੁਲ ਗਾਂਧੀ ਨੇ ਕਾਂਗਰਸ ਦੇ ਹੈੱਡਕੁਆਰਟਰ ‘ਰਾਜੀਵ ਭਵਨ’ ’ਚ ਵੀਰਭੱਦਰ ਸਿੰਘ ਦੀ ਪਵਿੱਤਰ ਦੇਹ ’ਤੇ ਸ਼ਰਧਾ ਦੇ ਫੁੱਲ ਚੜ੍ਹਾਏ। ਇਸ ਸਮੇਂ ਉਨ੍ਹਾਂ ਨਾਲ ਕਾਂਗਰਸ ਕਾਰਜਕਾਰੀ ਕਮੇਟੀ ਦੇ ਮੈਂਬਰ ਰਾਜੀਵ ਸ਼ੁਕਲਾ ਹਾਜ਼ਰ ਸਨ। ਇਸ ਮਗਰੋਂ ਰਾਹੁਲ ਗਾਂਧੀ ਨੇ ਮਰਹੂਮ ਆਗੂ ਦੇ ਪੁੱਤਰ ਤੇ ਸ਼ਿਮਲਾ ਦਿਹਾਤੀ ਖੇਤਰ ਤੋਂ ਵਿਧਾਇਕ ਵਿਕਰਮਾਦਿੱਤਿਆ ਸਿੰਘ ਨੂੰ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਰਿੱਜ ਮੈਦਾਨ ’ਤੇ ਵੀਰਭੱਦਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਸਨ। ਭਾਜਪਾ ਪ੍ਰਧਾਨ ਸ਼ਰਧਾਂਜਲੀ ਦੇਣ ਲਈ ਦਿੱਲੀ ਤੋਂ ਹੈਲੀਕਾਪਟਰ ਰਾਹੀਂ ਸ਼ਿਮਲਾ ਪਹੁੰਚੇ। ਪੰਜ ਜੁਲਾਈ ਨੂੰ ਜਦੋਂ ਨੱਢਾ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਸਨ ਤਾਂ ਉਨ੍ਹਾਂ ਵੀਰਭੱਦਰ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲਈ ਸੀ। ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ’ਚ ਵੀਰਵਾਰ ਤੜਕੇ ਉਨ੍ਹਾਂ ਆਖਰੀ ਸਾਹ ਲਏ ਸਨ। ਵੀਰਭੱਦਰ ਦੀ ਦੇਹ ਆਖਰੀ ਦਰਸ਼ਨਾਂ ਲਈ ਪਹਿਲਾਂ ਇੱਥੇ ਉਨ੍ਹਾਂ ਦੀ ਰਿਹਾਇਸ਼ ਹੋਲੀ ਲਾਊਂਜ ’ਚ ਰੱਖੀ ਗਈ ਸੀ ਤੇ ਬਾਅਦ ਵਿੱਚ ਉਨ੍ਹਾਂ ਦੀ ਦੇਹ ਪਾਰਟੀ ਦਫ਼ਤਰ ’ਚ ਰੱਖੀ ਗਈ ਸੀ। ਇਸ ਮੌਕੇ ਵੱਡੀ ਗਿਣਤੀ ’ਚ ਲੋਕ ਆਪਣੇ ਆਗੂ ਦੇ ਆਖਰੀ ਦਰਸ਼ਨਾਂ ਲਈ ਪਹੁੰਚੇ ਹੋਏ ਸਨ। ਇਸ ਮਗਰੋਂ ਉਨ੍ਹਾਂ ਦੀ ਦੇਹ ਰਾਮਪੁਰ ਲਿਜਾਈ ਗਈ ਜਿੱਥੇ ਭਲਕੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਭਲਕੇ ਵੀਰਭੱਦਰ ਸਿੰਘ ਦੇ ਸਸਕਾਰ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪਾਰਟੀ ਆਗੂਆਂ ਦਾ ਵਫ਼ਦ ਜਾਵੇਗਾ। -ਪੀਟੀਆਈ