ਨਵੀਂ ਦਿੱਲੀ, 31 ਅਕਤੂਬਰ
ਕਾਂਗਰਸ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਦਿੱਤੀਆਂ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਤੇ ਹੋਰਨਾਂ ਸੀਨੀਅਰ ਪਾਰਟੀ ਆਗੂਆਂ ਨੇ ਸ਼ਕਤੀ ਸਥੱਲ ਵਿਚਲੀ ਯਾਦਗਾਰ ’ਤੇ ਜਾ ਕੇ ਇੰਦਰਾ ਗਾਂਧੀ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦਿੱਤੀ। ਉਧਰ ਭਾਰਤ ਜੋੜੋ ਯਾਤਰਾ ਵਿੱਚ ਰੁੱਝੇ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਦਾਦੀ ਦੇ ਪਿਆਰ ਅਤੇ ਕਦਰਾਂ-ਕੀਮਤਾਂ ਨੂੰ ਆਪਣੇ ਦਿਲ ਵਿੱਚ ਰੱਖਿਆ ਹੋਇਆ ਹੈ ਅਤੇ ਉਹ ਭਾਰਤ ਨੂੰ ਟੁੱਟਣ ਨਹੀਂ ਦੇਣਗੇ, ਜਿਸ ਲਈ ਇੰਦਰਾ ਗਾਂਧੀ ਨੇ ਆਪਣੀ ਜਾਨ ਕੁਰਬਾਨ ਕੀਤੀ ਸੀ। ਖੜਗੇ ਨੇ ਹਿੰਦੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਮੇਰੀ ਸ਼ਰਧਾਂਜਲੀ। ਭਾਵੇਂ ਖੇਤੀ ਹੋਵੇ, ਆਰਥਿਕਤਾ ਹੋਵੇ ਜਾਂ ਫੌਜੀ ਤਾਕਤ, ਭਾਰਤ ਨੂੰ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਵਿੱਚ ਇੰਦਰਾ ਜੀ ਦਾ ਯੋਗਦਾਨ ਬੇਮਿਸਾਲ ਹੈ।’’ ਚੇਤੇ ਰਹੇ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 1984 ਵਿੱਚ ਅੱਜ ਦੇ ਦਿਨ ਉਨ੍ਹਾਂ ਦੇ ਦੋ ਅੰਗ ਰੱਖਿਅਕਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। -ਪੀਟੀਆਈ