ਨਵੀਂ ਦਿੱਲੀ, 5 ਫਰਵਰੀ
ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਨੂੰ ਜਾਣਕਾਰੀ ਦਿੱਤੀ ਕਿ ਕੈਨੇਡਾ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖੇਤੀ ਕਾਨੂੰਨਾਂ ਬਾਰੇ ਕੀਤੀ ਬਿਆਨਬਾਜ਼ੀ ਦੁਵੱਲੇ ਸਬੰਧ ਵਿਗਾੜ ਸਕਦੀ ਹੈ। ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਵੀ. ਮੁਰਲੀਧਰਨ ਨੇ ਸਦਨ ਵਿਚ ਇਸ ਬਾਰੇ ਲਿਖਤੀ ਜਵਾਬ ਦਿੱਤਾ ਹੈ। ਉਪਰਲੇ ਸਦਨ ਵਿਚ ਸ਼ਿਵ ਸੈਨਾ ਮੈਂਬਰ ਅਨਿਲ ਦੇਸਾਈ ਨੇ ਟਰੂਡੋ ਦੇ ਬਿਆਨਾਂ ਬਾਰੇ ਸਰਕਾਰ ਕੋਲੋਂ ਜਵਾਬ ਮੰਗਿਆ ਸੀ। ਦੇਸਾਈ ਨੇ ਪੁੱਛਿਆ ਸੀ ਕਿ ‘ਕੀ ਸਰਕਾਰ ਨੂੰ ਜਾਣਕਾਰੀ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਸੰਸਦ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ’ਤੇ ਟਿੱਪਣੀ ਕਰ ਕੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦਿੱਤਾ ਹੈ। ਕੀ ਸਰਕਾਰ ਇਸ ਨੂੰ ਗ਼ੈਰਜ਼ਰੂਰੀ ਤੇ ਗ਼ੈਰਵਾਜਬ ਸਮਝਦੀ ਹੈ? ਜੇ ਸਮਝਦੀ ਹੈ ਤਾਂ ਕੀ ਕੈਨੇਡਾ ਸਰਕਾਰ ਕੋਲ ਰੋਸ ਜ਼ਾਹਿਰ ਕੀਤਾ ਗਿਆ ਹੈ ਤੇ ਕੈਨੇਡਾ ਨੇ ਉਸ ਦਾ ਜਵਾਬ ਦਿੱਤਾ ਹੈ?’ ਜਵਾਬ ਵਿਚ ਮੁਰਲੀਧਰਨ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਬਿਆਨਾਂ ਬਾਰੇ ਪਤਾ ਹੈ ਤੇ ਓਟਾਵਾ ਅਤੇ ਨਵੀਂ ਦਿੱਲੀ ਵਿਚ ਕੈਨੇਡਾ ਦੀ ਅਥਾਰਿਟੀ ਕੋਲ ਰੋਸ ਜ਼ਾਹਿਰ ਕੀਤਾ ਗਿਆ ਹੈ। ਰਾਜ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਟਿੱਪਣੀਆਂ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਹਨ ਅਤੇ ਗ਼ੈਰਵਾਜਬ ਤੇ ਬਰਦਾਸ਼ਤ ਤੋਂ ਬਾਹਰ ਹਨ। ਇਸ ਨਾਲ ਭਾਰਤ-ਕੈਨੇਡਾ ਦੇ ਰਿਸ਼ਤੇ ਪ੍ਰਭਾਵਿਤ ਹੋ ਸਕਦੇ ਹਨ। -ਆਈਏਐਨਐੱਸ