ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਭਾਜਪਾ ਨੇ ਕੇਜਰੀਵਾਲ ਸਰਕਾਰ ’ਤੇ ਸੈਂਕੜੇ ਕਰੋੜ ਰੁਪਏ ਦੇ ‘ਸ਼ਰਾਬ ਘੁਟਾਲੇ’ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਕਿਹਾ ਕਿ ਸ਼ਰਾਬ ਦੇ ਲਾਇਸੈਂਸਧਾਰਕਾਂ ਤੋਂ ਨਕਦੀ ਇਕੱਠੀ ਕਰਨ ਵਾਲੇ ਦੋ ‘ਵਿਚੋਲੀਏ’ ਦੇਸ਼ ਛੱਡ ਕੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ, ਜਿਸ ਵਿੱਚ ਮਨੀਸ਼ ਸਿਸੋਦੀਆ ਆਬਕਾਰੀ ਮੰਤਰੀ ਹਨ, ਨੇ ਥੋਕ ਲਾਇਸੈਂਸਧਾਰਕਾਂ ਦਾ ਕਮਿਸ਼ਨ 2 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰ ਦਿੱਤਾ। ਇਸ ਵਿੱਚੋਂ 6 ਫੀਸਦੀ ਨਕਦੀ ‘ਆਪ’ ਸਰਕਾਰ ਲਈ ਕਈ ਵਿਅਕਤੀਆਂ ਵੱਲੋਂ ਇਕੱਠੀ ਕੀਤੀ ਗਈ ਸੀ। ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦੋਸ਼ ਲਾਇਆ ਕਿ ‘ਆਪ’ ਨੇ ਪੰਜਾਬ ਚੋਣਾਂ ਦੌਰਾਨ ਦਿੱਲੀ ਵਿੱਚ ਸ਼ਰਾਬ ਦੇ ਲਾਇਸੈਂਸਾਂ ਤੋਂ ਫੰਡਾਂ ਦੀ ਵਰਤੋਂ ਕੀਤੀ ਸੀ। ਹੁਣ ਉਨ੍ਹਾਂ ਸਾਰਿਆਂ ਦਾ ਪਰਦਾਫਾਸ਼ ਕਰਨ ਦਾ ਸਮਾਂ ਆ ਗਿਆ ਹੈ।