ਸ੍ਰੀਨਗਰ, 10 ਮਾਰਚ
ਜੰਮੂ ਕਸ਼ਮੀਰ ਦੇ ਪੁਲਾਵਾਮਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਹਲਾਕ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਦੇ ਨੈਨਾ ਬਤਪੋਰਾ ਇਲਾਕੇ ’ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ’ਚ ਖੋਜ ਮੁਹਿੰਮ ਸ਼ੁਰੂ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਵੱਲੋਂ ਗੋਲੀ ਚਲਾਏ ਜਾਣ ਮਗਰੋਂ ਇਹ ਖੋਜ ਮੁਹਿੰਮ ਮੁਕਾਬਲੇ ’ਚ ਬਦਲ ਗਈ ਅਤੇ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ’ਚ ਦੋ ਅਤਿਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਰੇ ਗਏ ਦੋਵੇਂ ਅਤਿਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਹੋਇਆ ਹੈ। -ਪੀਟੀਆਈ
ਅਤਿਵਾਦੀਆਂ ਨੇ ਬੈਂਕ ਗਾਰਡ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ
ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅਤਿਵਾਦੀਆਂ ਨੇ ਅੱਜ ਇਕ ਬੈਂਕ ਗਾਰਡ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਉਸ ਦੀ ਰਾਈਫਲ ਵੀ ਖੋਹ ਲਈ। ਇਕ ਅਧਿਕਾਰੀ ਮੁਤਾਬਕ ਅਤਿਵਾਦੀਆਂ ਨੇ ਜੰਮੂ ਕਸ਼ਮੀਰ ਬੈਂਕ ਦੇ ਗਾਰਡ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਉਸ ਨੂੰ ਗੋਲੀ ਮਾਰ ਕੇ 12 ਬੋਰ ਦੀ ਰਾਈਫਲ ਖੋਹ ਲਈ। ਗਾਰਡ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਕੇਸ ਦਰਜ ਕਰ ਕੇ ਅਤਿਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ