ਭੋਪਾਲ: ਭਾਜਪਾ ਦੇ ਸ਼ਾਸਨ ਵਾਲੇ ਰਾਜ ਮੱਧ ਪ੍ਰਦੇਸ਼ ਵਿੱਚ ਸ਼ਰਾਬ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਕਰਦੀ ਆ ਰਹੀ ਸੀਨੀਅਰ ਭਾਜਪਾ ਆਗੂ ਉਮਾ ਭਾਰਤੀ ਅੱਜ ਸ਼ਾਮ ਇੱਥੇ ਆਜ਼ਾਦ ਨਗਰ ਇਲਾਕੇ ਵਿਚ ਸਥਿਤ ਇਕ ਸ਼ਰਾਬ ਦੇ ਠੇਕੇ ਵਿਚ ਵੜ ਗਈ। ਇਸ ਦੌਰਾਨ ਉਨ੍ਹਾਂ ਪੱਥਰ ਮਾਰ ਕੇ ਠੇਕੇ ’ਚ ਰੱਖੀਆਂ ਸ਼ਰਾਬ ਦੀਆਂ ਬੋਤਲਾਂ ਭੰਨ ਦਿੱਤੀਆਂ। ਇਸ ਘਟਨਾ ਦਾ ਵੀਡੀਓ ਉਮਾ ਭਾਰਤੀ ਨੇ ਆਪਣੇ ਟਵਿੱਟਰ ਹੈਂਡਲ ’ਤੇ ਸਾਂਝਾ ਕੀਤਾ, ਜਿਸ ਮਗਰੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਆਪਣੀ ਇਸ ਕਾਰਵਾਈ ਰਾਹੀਂ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਸ਼ਰਾਬ ਦੇ ਠੇਕੇ ਇਕ ਹਫ਼ਤੇ ਦੇ ਅੰਦਰ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਭਾਜਪਾ ਆਗੂ ਦੇ ਸਮਰਥਕ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ, ਜਿਨ੍ਹਾਂ ਨੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਗਾਏ। -ਪੀਟੀਆਈ