ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਵੱਲੋਂ ਦਾਖਲ ਰਿਪੋਰਟ ਦੇ ਆਧਾਰ ’ਤੇ ਜੇਲ੍ਹ ’ਚ ਬੰਦ ਯੂਨੀਟੈੱਕ ਦੇ ਸਾਬਕਾ ਪ੍ਰਮੋਟਰਾਂ ਸੰਜੇ ਚੰਦਰਾ ਅਤੇ ਅਜੈ ਚੰਦਰਾ ਨਾਲ ਕਥਿਤ ਮਿਲੀਭੁਗਤ ਦੇ ਮੁਲਜ਼ਮ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਮੁਅੱਤਲ ਕਰਨ, ਉਨ੍ਹਾਂ ਖ਼ਿਲਾਫ ਕੇਸ ਦਰਜ ਕਰਨ ਅਤੇ ਮਾਮਲੇ ਦੀ ਤਫ਼ਸੀਲ ’ਚ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਡੀ.ਵਾਈ. ਚੰਦਰਚੂੜ ਅਤੇ ਐੱਮ.ਆਰ. ਸ਼ਾਹ ਦੇ ਬੈਂਚ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਤਹਿਤ ਅਪਰਾਧਕ ਕੇਸ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਸ ਦੀ ਅਗਲੀ ਸੁਣਵਾਈ ਲਈ ਤਾਰੀਕ 21 ਅਕਤੂਬਰ ਤੈਅ ਕੀਤੀ ਹੈ। ਸੁਣਵਾਈ ਦੌਰਾਨ ਬੈਂਚ ਅਤੇ ਚੰਦਰਾ ਭਰਾਵਾਂ ਦੇ ਵਕੀਲ ਵਿਕਾਸ ਸਿੰਘ ਵਿਚਾਲੇ ਤਿੱਖੀ ਬਹਿਸ ਵੀ ਹੋਈ। -ਪੀਟੀਆਈ