ਸੰਯੁਕਤ ਮੋਰਚੇ ਵੱਲੋਂ ਪਹਿਲੀ ਫਰਵਰੀ ਦਾ ਸੰਸਦ ਮਾਰਚ ਰੱਦ

ਦਿੱਲੀ ਪੁਲੀਸ ਵੱਲੋਂ 37 ਕਿਸਾਨ ਆਗੂਆਂ ਖਿਲਾਫ਼ ਐੱਫਆਈਆਰ ਦਰਜ

ਸੰਯੁਕਤ ਮੋਰਚੇ ਵੱਲੋਂ ਪਹਿਲੀ ਫਰਵਰੀ ਦਾ ਸੰਸਦ ਮਾਰਚ ਰੱਦ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 27 ਜਨਵਰੀ

ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਵਸ ਮੌਕੇ ਕੰਢੀ ਟਰੈਕਟਰ ਪਰੇਡ ਮਾਰਚ ਦੌਰਾਨ ਹੋਈ ਹਿੰਸਾ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਅੱਜ 37 ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੇਸ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਦਾ ਇਨਾਮ ਕਰਾਰ ਦਿੱਤਾ ਹੈ। ਸਵਰਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ‘ਐੱਫਆਈਆਰ, ਜੇਲ੍ਹ ਤੇ ਤਸੀਹੇ...ਅੰਦੋਲਨਾਂ ਦਾ ਇਨਾਮ ਹੁੰਦੇ ਹਨ।’ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਕਿਸਾਨ ਯੂਨੀਅਨਾਂ ਨੇ ਅੱਜ ਲੰਮੀ ਵਿਚਾਰ ਚਰਚਾ ਮਗਰੋਂ ਪਹਿਲੀ ਫਰਵਰੀ ਨੂੰ ਸੰਸਦ ਵੱਲ ਤਜਵੀਜ਼ਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਇਸ ਦਿਨ ਸੰਸਦ ਵਿੱਚ ਸਾਲਾਨਾ ਬਜਟ ਪੇਸ਼ ਕੀਤਾ ਜਾਣਾ ਹੈ। ਮੋਰਚੇ ਵਿੱਚ ਸ਼ਾਮਲ ਆਗੂਆਂ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਚਲਦੇ ਸੰਘਰਸ਼ ਨੂੰ ਪਹਿਲਾਂ ਵਾਂਗ ਜਾਰੀ ਰੱਖਣਗੇ। ਇਸ ਦੇ ਨਾਲ ਹੀ ਮੋਰਚੇ ਨੇ 30 ਜਨਵਰੀ ਨੂੰ ਦੇਸ਼ ਭਰ ਵਿੱਚ ਜਨਤਕ ਮੀਟਿੰਗਾਂ ਕਰਨ ਤੇ ਭੁੱਖ ਹੜਤਾਲਾਂ ਰੱਖਣ ਦਾ ਵੀ ਸੱਦਾ ਦਿੱਤਾ ਹੈ। ਉਧਰ ਜਿਨ੍ਹਾਂ 37 ਕਿਸਾਨ ਆਗੂਆਂ ਖਿਲਾਫ਼ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਸਵਰਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ.ਦਰਸ਼ਨ ਪਾਲ, ਬੀਕੇਯੂ ਹਰਿਆਣਾ ਦੇ ਆਗੂ   ਗੁਰਨਾਮ ਸਿੰਘ ਚੜੂਨੀ ਤੇ ਬੀਕੇਯੂ ਦੇ ਤਰਜਮਾਨ ਰਾਕੇਸ਼ ਟਿਕੈਤ ਦੇ ਨਾਂ ਵੀ ਸ਼ਾਮਲ ਹਨ। ਲਾਲ ਕਿਲ੍ਹੇ ਤੇ ਦਿੱਲੀ ਦੇ ਹੋਰਨਾਂ ਖੇਤਰਾਂ ਵਿੱਚ ਹੋਈ ਹਿੰਸਾ ’ਚ 394 ਦੇ ਕਰੀਬ ਪੁਲੀਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ। ਦਿੱਲੀ ਪੁਲੀਸ ਨੇ ਹਿੰਸਾ ਮਾਮਲੇ ਵਿੱਚ ਹੁਣ ਤੱਕ ਕੁੱਲ 22 ਐੱਫਆਈਆਰ ਦਰਜ ਕੀਤੀਆਂ ਹਨ ਜਦੋਂਕਿ 200 ਦੇ ਕਰੀਬ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਵੱਲੋਂ ਹਿੰਸਾ ’ਚ ਸ਼ਾਮਲ ਲੋਕਾਂ ਦੀ ਪਛਾਣ ਲਈ ਮਲਟੀਪਲ ਵੀਡੀਓਜ਼ ਤੇ ਸੀਸੀਟੀਵੀ ਫੁਟੇਜਾਂ ਖੰਘਾਲੀਆਂ ਜਾ ਰਹੀਆਂ ਹਨ। ਦਿੱਲੀ ਪੁਲੀਸ ਨੇ ਕਿਹਾ ਕਿ ਉਹ ਸਬੰਧਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਇਸ ਦੌਰਾਨ ਇਹਤਿਆਤ ਵਜੋਂ ਲਾਲ ਕਿਲ੍ਹੇ ਦੀ ਸੁਰੱਖਿਆ ਵਧਾ ਦਿੱਤੀ ਗਈ। ਇਥੇ ਨੀਮ ਫੌਜੀ ਬਲ ਸੀਆਈਐੱਸਐੱਫ ਦੀਆਂ ਵਧੀਕ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। 

ਇਥੇ ਸਿੰਘੂ ਬਾਰਡਰ ’ਤੇ ਕੀਤੀ ਪ੍ਰੈੈੱਸ ਕਾਨਫਰੰਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਡਾ.ਦਰਸ਼ਨ ਪਾਲ ਨੇ ਕਿਹਾ, ‘ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਪਿੱਛੇ ਸਰਕਾਰ ਦੀ ਸਾਜ਼ਿਸ਼ ਸੀ। ਦੀਪ ਸਿੱਧੂ ਆਰਐੱਸਐੱਸ ਦਾ ਬੰਦਾ ਹੈ। ਇਹੀ ਵਜ੍ਹਾ ਹੈ ਕਿ ਲਾਲ ਕਿਲ੍ਹੇ ’ਤੇ ਧਾਰਮਿਕ ਝੰਡਾ ਝੁਲਾਉਣ ਮਗਰੋਂ ਪੁਲੀਸ ਨੇ ਉਸ ਨੂੰ ਉਥੋਂ ਜਾਣ ਦਿੱਤਾ। ਉਨ੍ਹਾਂ ਕਿਹਾ, ‘ਅਸੀਂ ਪਹਿਲੀ ਫਰਵਰੀ ਨੂੰ ਬਜਟ ਵਾਲੇ ਦਿਨ ਸੰਸਦ ਵੱਲ ਕੱਢੇ ਜਾਣ ਵਾਲੇ ਤਜਵੀਜ਼ਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਪਰ ਸਾਡਾ ਅੰਦੋਲਨ ਪਹਿਲਾਂ ਵਾਂਗ ਜਾਰੀ ਰਹੇਗਾ ਤੇ 30 ਜਨਵਰੀ ਨੂੰ ਪੂਰੇ ਮੁਲਕ ਵਿੱਚ ਜਨਤਕ ਮੀਟਿੰਗਾਂ ਤੇ ਭੁੱਖ ਹੜਤਾਲਾਂ ਕੀਤੀਆਂ ਜਾਣਗੀਆਂ।’ 

ਇਕ ਹੋਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਾਅਵਾ ਕੀਤਾ ਕਿ ਮੰਗਲਵਾਰ ਨੂੰ ਕੌਮੀ ਰਾਜਧਾਨੀ ’ਚ ਕੱਢੇ ਟਰੈਕਟਰ ਪਰੇਡ ਮਾਰਚ ਵਿੱਚ ਦੋ ਲੱਖ ਤੋਂ ਵੱਧ ਟਰੈਕਟਰ ਸ਼ਾਮਲ ਸਨ ਤੇ ਲੱਖਾਂ ਲੋਕਾਂ ਨੇ ਇਸ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ‘ਮਾਰਚ ਵਿੱਚ ਸ਼ਾਮਲ 99.9 ਫੀਸਦ ਪ੍ਰਦਰਸ਼ਨਕਾਰੀ ਕਿਸਾਨ ਸ਼ਾਂਤਮਈ ਸਨ।’ ਸਵਰਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ, ‘ਸਾਨੂੰ ਲਾਲ ਕਿਲ੍ਹੇ ਵਿੱਚ ਵਾਪਰੇ ਘਟਨਾਕ੍ਰਮ ’ਤੇ ਅਫਸੋਸ ਹੈ ਤੇ ਅਸੀਂ ਇਸ ਦੀ ਮੌਲਿਕ ਜ਼ਿੰਮੇਵਾਰੀ ਲੈਂਦੇ ਹਾਂ। ਇਸ ਪੂਰੀ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਪਿੱਛੇ ਸਾਜ਼ਿਸ਼ ਹੈ।’ 37 ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੇਸ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਯਾਦਵ ਨੇ ਕਿਹਾ, ‘ਐੱਫਆਈਆਰ, ਜੇਲ੍ਹ ਤੇ ਤਸੀਹੇ ਤਾਂ ਅੰਦੋਲਨਾਂ ਦਾ ਇਨਾਮ ਹੁੰਦੇ ਹਨ।’ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ, ‘ਸਾਡੇ ਕੋਲ ਵੀਡੀਓ ਕਲਿੱਪਾਂ ਮੌਜੂਦ ਹਨ ਤੇ ਅਸੀਂ ਇਹ ਸਾਬਤ ਕਰ ਦਿਆਂਗੇ ਕਿ ਕਿਵੇਂ ਸਾਡੇ ਇਸ ਸੰਘਰਸ਼ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਘੜੀ ਗਈ।

ਉਧਰ ਦਿੱਲੀ ਪੁਲੀਸ ਨੇ ਇਕ ਬਿਆਨ ਵਿੱਚ ਕਿਹਾ ਕਿ ਸਮੇਂਪੁਰ ਬਾਦਲੀ ਵਿੱਚ ਦਰਜ ਐੱਫਆਈਆਰ ਵਿੱਚ ਯੋਗੇਂਦਰ ਯਾਦਵ, ਦਰਸ਼ਨ ਪਾਲ, ਰਾਕੇਸ਼ ਟਿਕੈਤ ਤੇ ਚੜੂਨੀ ਸਮੇਤ 37 ਕਿਸਾਨ ਆਗੂਆਂ ਦੇ ਨਾਮ ਸ਼ਾਮਲ ਹਨ ਤੇ ਹਿੰਸਾ ਵਿੱਚ ਇਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ। ਐੱਫਆਈਆਰ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ 147, 148 (ਦੰਗਿਆਂ ਨਾਲ ਸਬੰਧਤ), 307 (ਇਰਾਦਾ ਕਤਲ) ਤੇ 120ਬੀ (ਅਪਰਾਧਕ ਸਾਜ਼ਿਸ਼) ਤਹਿਤ ਦਰਜ ਕੀਤੀ ਗਈ ਹੈ। ਪੁਲੀਸ ਸੂਤਰਾਂ ਨੇ ਕਿਹਾ ਕਿ ਐੱਫਆਈਆਰ ਵਿੱਚ ਰਾਜਿੰਦਰ ਸਿੰਘ, ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਸਿੰਘ ਉਗਰਾਹਾਂ, ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ ਆਦਿ ਦੇ ਨਾਂ ਵੀ ਸ਼ਾਮਲ ਹਨ। ਸੂਤਰਾਂ ਦੀ ਮੰਨੀਏ ਤਾਂ ਨੰਗਲੋਈ ਪੁਲੀਸ ਸਟੇਸ਼ਨ ਵਿੱਚ ਦਰਜ ਵੱਖਰੀ ਐੱੱਫਆਈਆਰ ਵਿੱਚ ਵੀ 40 ਦੇ ਕਰੀਬ ਕਿਸਾਨ ਆਗੂਆਂ ਦੇ ਨਾਮ ਦਰਜ ਹਨ। ਇਨ੍ਹਾਂ ਵਿੱਚ ਯੋਗੇਂਦਰ ਯਾਦਵ ਦਾ ਵੀ ਨਾਮ ਹੈ।

ਇਸ ਦੌਰਾਨ ਕੌਮੀ ਰਾਜਧਾਨੀ ਦੇ ਵੱਖ ਵੱਖ ਹਿੱਸਿਆਂ, ਖਾਸ ਕਰਕੇ ਲਾਲ ਕਿਲ੍ਹੇ ਤੇ ਕਿਸਾਨ ਵੱਲੋਂ ਲਾਏ ਧਰਨਿਆਂ ਵਾਲੀਆਂ ਥਾਵਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਥਾਵਾਂ ’ਤੇ ਨੀਮ ਫੌਜੀ ਬਲਾਂ ਦੀਆਂ ਵਧੀਕ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਦਿੱਲੀ ਮੈਟਰੋ ਅਥਾਰਿਟੀਜ਼ ਨੇ ਲਾਲ ਕਿਲ੍ਹਾ ਸਟੇਸ਼ਨ ਨੂੰ ਬੰਦ ਕਰਨ ਮਗਰੋਂ ਜਾਮਾ ਮਸਜਿਦ ਸਟੇਸ਼ਨ ’ਚ ਦਾਖਲਾ ਸੀਮਤ ਕਰ ਦਿੱਤਾ ਹੈ। 

ਕਿਸਾਨ ਆਗੂਆਂ ਨੇ ਭੜਕਾਊ ਤਕਰੀਰਾਂ ਕੀਤੀਆਂ: ਪੁਲੀਸ ਕਮਿਸ਼ਨਰ

ਦਿੱਲੀ ਪੁਲੀਸ ਦੇ ਕਮਿਸ਼ਨਰ ਐੱਸ.ਐੱਨ.ਸ੍ਰੀਵਾਸਤਵ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਕਥਿਤ ਭੜਕਾਊ ਤਕਰੀਰਾਂ ਕੀਤੀਆਂ ਤੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ’ਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਵਿਖਾਏ ਸਿਰੇ ਦੇ ਜ਼ਾਬਤੇ ਕਰਕੇ ਹੀ ਹਿੰਸਾ ਦੌਰਾਨ ਇਕ ਵੀ ਜਾਨ ਨਹੀਂ ਗਈ। ਸ੍ਰੀਵਾਸਤਵ ਨੇ ਕਿਹਾ ਕਿ ਹਿੰਸਕ ਪ੍ਰਦਰਸ਼ਨਕਾਰੀਆਂ ਦੀ ਪਛਾਣ ਲਈ ਫੇਸ਼ੀਅਲ ਰਿਕੋਗਨੀਸ਼ਨ ਸਿਸਟਮ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਪੰਨੂ ਜਿਹੇ ਆਗੂਆਂ ਨੇ ਕਥਿਤ ਭੜਕਾਊ ਤਕਰੀਰਾਂ ਕੀਤੀਆਂ, ਜਿਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਸੁੱਟੇ। ਪੁਲੀਸ ਅਧਿਕਾਰੀ ਨੇ ਦਿੱਲੀ ਹਿੰਸਾ ਵਿੱਚ 394 ਦੇ ਕਰੀਬ ਪੁਲੀਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ 30 ਦੇ ਕਰੀਬ ਪੁਲੀਸ ਵਾਹਨ ਵੀ ਨੁਕਸਾਨੇ ਗਏ।

ਦੋ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਨੂੰ ਅਲਵਿਦਾ ਆਖੀ

ਨਵੀਂ ਦਿੱਲੀ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਮੌਕੇ ਕੱਢੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਦੀ ਘੇਰਾਬੰਦੀ ਅਤੇ ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਹਿੰਸਾ ਤੋਂ ਇਕ ਦਿਨ ਮਗਰੋਂ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ (ਭਾਨੂ) ਨੇ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਅਲਵਿਦਾ ਆਖ ਦਿੱਤੀ ਹੈ। ਏਆਈਕੇਐੱਸਸੀਸੀ ਦੇ ਮੁਖੀ ਵੀਐੱਮ ਸਿੰਘ ਅਤੇ ਬੀਕੇਯੂ (ਭਾਨੂ) ਦੇ ਭਾਨੂ ਪ੍ਰਤਾਪ ਸਿੰਘ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਉਨ੍ਹਾਂ ਦੀਆਂ ਜਥੇਬੰਦੀਆਂ ਕਿਸਾਨਾਂ ਦੇ ਪ੍ਰਦਰਸ਼ਨਾਂ ਤੋਂ ਪਿੱਛੇ ਹਟ ਰਹੀਆਂ ਹਨ, ਕਿਉਂਕਿ ਬੀਤੇ ਦਿਨ ਜੋ ਕੁੱਝ ਹੋਇਆ ਉਸ ਤੋਂ ਬਾਅਦ ਸੰਘਰਸ਼ ਦਾ ਹਿੱਸਾ ਬਣਨਾ ਕਿਸੇ ਪਾਸੇ ਤੋਂ ਜਾਇਜ਼ ਨਹੀਂ ਲੱਗਦਾ। ਦੋਵੇਂ ਕਿਸਾਨ ਯੂਨੀਅਨਾਂ ਚਿੱਲਾ ਬਾਰਡਰ ’ਤੇ ਲਾਏ ਧਰਨੇ ਵਿੱਚ ਸ਼ਾਮਲ ਸਨ। 

ਦਿੱਲੀ ਤੋਂ ਪਰਤਣ ਵਾਲੇ ਟਰੈਕਟਰ ਚਾਲਕਾਂ ਨੂੰ ਧਮਕਾਉਣ ਦਾ ਦੋਸ਼

ਨਵੀਂ ਦਿੱਲੀ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਿੱਚ ਸ਼ੁਮਾਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੋਸ਼ ਲਾਇਆ ਕਿ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿੱਚ ਕੱਢੇ ਟਰੈਕਟਰ ਮਾਰਚ ਮਗਰੋਂ ਵਾਪਸ ਜਾ ਰਹੇ ਟਰੈਕਟਰ ਚਾਲਕਾਂ ਨੂੰ ਕਰਨਾਲ ਨੇੜਲੇ ਇਲਾਕਿਆਂ ਵਿੱਚ ਮਾੜੇ ਨਤੀਜੇ ਭੁਗਤਣ ਲਈ ਧਮਕਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਟਰੈਕਟਰ ਵਾਪਸ ਲਿਜਾ ਰਹੇ ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਨਾਲ ਲੁੱਟ-ਖੋਹ ਕੀਤੀ ਜਾ ਸਕਦੀ ਹੈ। ਉਨ੍ਹਾਂ ਹਰਿਆਣਾ ਦੀ ਖੱਟਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਜਿਹਾ ਹੋਣ ਤੋਂ ਰੋਕੇ ਤੇ ਮਾੜੇ ਅਨਸਰਾਂ ਉਪਰ ਲਗਾਮ ਕੱਸੇ। ਉਨ੍ਹਾਂ ਸਿੰਘੂ ਬਾਰਡਰ ਦੇ ਮੰਚ ਤੋਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਮਾਮਲੇ ਵਿੱਚ ਦਖ਼ਲ ਦੇਣ। ਇਸ ਦੌਰਾਨ ਦਿੱਲੀ ਪੁਲੀਸ ਵੱਲੋਂ ਦਿੱਲੀ-ਅੰਬਾਲਾ ਵੱਲੋਂ ਆ ਰਹੀਆਂ ਗੱਡੀਆਂ ਦੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਦੇ ਸਿੰਘੂ ਬਾਰਡਰ ਦੇ ਬੈਰੀਅਰ ਉਪਰ ਉਨ੍ਹ੍ਵਾਂ ਕਾਰਾਂ ਤੇ ਹੋਰਨਾਂ ਵਾਹਨਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਸਿੱਖ ਬੈਠੇ ਹੁੰਦੇ ਹਨ। ਇੱਥੋਂ ਤੱਕ ਕਿ ਮੋਟਰਸਾਈਕਲ ਸਵਾਰ ਸਿੱਖਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ।

ਅਮਿਤ ਸ਼ਾਹ ਵੱਲੋਂ ਦਿੱਲੀ ’ਚ ਅਮਨ ਤੇ ਕਾਨੂੰਨ ਦੇ ਹਾਲਾਤ ਦਾ ਜਾਇਜ਼ਾ

ਨਵੀਂ ਦਿੱਲੀ: ਦਿੱਲੀ ਵਿੱਚ ਹਿੰਸਾ ਤੋਂ ਇਕ ਦਿਨ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ ਤੇ ਦਿੱਲੀ ਵਿੱਚ ਅਮਨ ਦੀ ਬਹਾਲੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ’ਤੇ ਨਜ਼ਰਸਾਨੀ ਕੀਤੀ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਅਤੇ ਗ੍ਰਹਿ ਮੰਤਰਾਲੇ ਤੇ ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਇਕ ਅਧਿਕਾਰੀ ਨੇ ਕਿਹਾ ਕਿ ਮਿੱਥੇ ਹੋਏ ਰੂਟਾਂ ’ਤੇ ਸ਼ਾਂਤਮਈ ਤਰੀਕੇ ਨਾਲ ਟਰੈਕਟਰ ਰੈਲੀ ਕੱਢਣ ਬਾਰੇ ਪੁਲੀਸ ਨਾਲ ਹੋਏ ਕਰਾਰ ’ਤੇ ਸਹੀ ਪਾਉਣ ਵਾਲੇ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ ਕਿਉਂਕਿ ਉਹ ਆਪਣੇ ਵਾਅਦੇ ਨੂੰ ਪੁਗਾਉਣ ਵਿੱਚ ਨਾਕਾਮ ਰਹੇ ਹਨ।    -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All