ਉਨਾਓ ਕਾਂਡ: ਪੀੜਤ ਦੀ ਮਾਂ ਨੂੰ ਜਾਨ ਦੇ ਖ਼ਤਰੇ ਬਾਰੇ ਸੁਪਰੀਮ ਕੋਰਟ ਨੇ ਮੰਗੀ ਰਿਪੋਰਟ
ਸੁਪਰੀਮ ਕੋਰਟ ਨੇ 2017 ਦੇ ਉਨਾਓ ਜਬਰ-ਜਨਾਹ ਕਾਂਡ ਦੀ ਪੀੜਤਾ ਦੀ ਮਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਤਰ੍ਹਾਂ ਦੀ ਜਾਨ ਦੇ ਖ਼ਤਰੇ ਸਬੰਧੀ ਦਿੱਲੀ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੰਕਜ ਮਿੱਥਲ ਅਤੇ ਜਸਟਿਸ ਪੀ ਬੀ ਵਰਾਲੇ ਦੇ ਬੈਂਚ ਨੇ ਜਬਰ-ਜਨਾਹ ਪੀੜਤਾ ਦੀ ਮਾਂ ਵੱਲੋਂ ਦਾਖ਼ਲ ਅਰਜ਼ੀ ’ਤੇ ਸੁਣਵਾਈ ਕੀਤੀ, ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਦੀ ਜਾਨ ਨੂੰ ਖ਼ਤਰਾ ਹੈ। ਸਿਖਰਲੀ ਅਦਾਲਤ ਨੇ ਦਿੱਲੀ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਇਸ ਬਾਰੇ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਤਾ ਨੇ ਸੁਪਰੀਮ ਕੋਰਟ ਵੱਲੋਂ 25 ਮਾਰਚ ਨੂੰ ਸੁਣਾਏ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਹੈ, ਜਿਸ ’ਚ ਉਨ੍ਹਾਂ ਸਮੇਤ ਪਰਿਵਾਰ ਅਤੇ ਹੋਰ ਗਵਾਹਾਂ ਤੋਂ ਸੀ ਆਰ ਪੀ ਐੱਫ ਦੀ ਸੁਰੱਖਿਆ ਹਟਾ ਦਿੱਤੀ ਗਈ ਸੀ। ਉਸ ਸਮੇਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਕਾਰਨ ਹੁਣ ਸਬੰਧਤ ਵਿਅਕਤੀਆਂ ਨੂੰ ਦਿੱਤੀ ਗਈ ਸੁਰੱਖਿਆ ਜਾਰੀ ਨਹੀਂ ਰੱਖੀ ਜਾ ਸਕਦੀ ਹੈ।