ਲਖਨਊ: ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਸਣੇ ਹੋਰਨਾਂ ਰਾਜਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਫੌਰੀ ਈਂਧਣ ’ਤੇ ਲੱਗਦੇ ਵੈਟ ਵਿੱਚ ਕਟੌਤੀ ਦਾ ਐਲਾਨ ਕਰਨ। ਮਾਇਆਵਤੀ ਨੇ ਕਿਹਾ, ‘‘ਲੰਮੇ ਸਮੇਂ ਬਾਅਦ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ’ਤੇ ਲੱਗਦੀ ਐਕਸਾਈਜ਼ ਡਿਊਟੀ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜੋ ਵਧਦੀ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਤੇ ਤਣਾਅ ਕਰਕੇ ਦਰਦਮੰਦ ਜ਼ਿੰਦਗੀ ਜਿਊਣ ਲਈ ਮਜਬੂਰ ਸਨ। ਲਿਹਾਜ਼ਾ ਯੂਪੀ ਤੇ ਹੋਰਨਾਂ ਰਾਜਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕੇਂਦਰ ਦੀ ਸਲਾਹ ਮੰਨਦਿਆਂ ਫੌਰੀ (ਪੈਟਰੋਲ ਤੇ ਡੀਜ਼ਲ) ਉੱਤੇ ਵੈਟ ਘਟਾਉਣ।’’ ਯੂਪੀ ਦੀ ਸਾਬਕਾ ਮੁੱਖ ਮੰਤਰੀ ਨੇ ਇਕ ਹੋਰ ਟਵੀਟ ਵਿੱਚ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਆਪਣੇ ਸਿਆਸੀ ਹਿੱਤਾਂ ਨੂੰ ਭੁੱਲ ਕੇ ਕੌਮੀ ਮੁਸ਼ਕਲਾਂ ਵੱਲ ਧਿਆਨ ਦੇਣ, ਜੋ ਦਿਨ-ਬ-ਦਿਨ ਗੰਭੀਰ ਹੁੰਦੀਆਂ ਜਾ ਰਹੀਆਂ ਹਨ। -ਪੀਟੀਆਈ