ਲਖਨਊ, 23 ਦਸੰਬਰ
ਅਯੁੱਧਿਆ ਵਿੱਚ ਰਾਮ ਮੰਦਰ ਨੇੜੇ ਭਾਜਪਾ ਆਗੂਆਂ ਦੇ ਰਿਸ਼ਤੇਦਾਰਾਂ ਅਤੇ ਕੁਝ ਅਧਿਕਾਰੀਆਂ ਵੱਲੋਂ ਕਥਿਤ ਤੌਰ ’ਤੇ ਜ਼ਮੀਨ ਜਬਰੀ ਖ਼ਰੀਦਣ ਸਬੰਧੀ ਖ਼ਬਰਾਂ ਨਸ਼ਰ ਹੋਣ ਮਗਰੋਂ ਯੂਪੀ ਸਰਕਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇੱਕ ਖ਼ਬਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦ ’ਚ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਵਿਧਾਇਕਾਂ, ਮੇਅਰਾਂ, ਕਮਿਸ਼ਨਰ ਦੇ ਰਿਸ਼ਤੇਦਾਰਾਂ, ਐੱਸਡੀਐੱਮ ਤੇ ਡੀਆਈਜੀ ਨੇ ਅਯੁੱਧਿਆ ਵਿੱਚ ਜ਼ਮੀਨ ਖ਼ਰੀਦੀ ਹੈ। ਯੂਪੀ ਦੇ ਵਧੀਕ ਮੁੱਖ ਸਕੱਤਰ (ਸੂਚਨਾ) ਨਵਨੀਤ ਸਹਿਗਲ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰੈਵੇਨਿਊ ਵਿਭਾਗ ਨੂੰ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਰਕਾਰ ’ਤੇ ਹਮਲਾ ਕਰਦਿਆਂ ਦੋਸ਼ ਲਾਇਆ,‘ਹਿੰਦੂਤਵ ਧਰਮ ਦੀ ਆੜ ਹੇਠ ਲੁੱਟ ਕਰ ਰਿਹਾ ਹੈ।’ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਅਰਜੁਨ ਖੜਗੇ ਨੇ ਵੀ ਸਦਨ ’ਚ ਇਹ ਮੁੱਦਾ ਚੁੱਕਿਆ। ਕਾਂਗਰਸ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਨੂੰ ‘ਜ਼ਮੀਨ ਘੁਟਾਲਾ’ ਦੱਸਦਿਆਂ ਦੋਸ਼ ਲਾਇਆ ਕਿ ਅਯੁੱਧਿਆ ਸ਼ਹਿਰ ਵਿੱਚ ਭਾਜਪਾ ਨਾਲ ਜੁੜੇ ਲੋਕਾਂ ਵੱਲੋਂ ਜ਼ਮੀਨ ਦੀ ਖੁੱਲ੍ਹੀ ਲੁੱਟ ਕੀਤੀ ਜਾ ਰਹੀ ਹੈ। -ਪੀਟੀਆਈ
ਸੁਪਰੀਮ ਕੋਰਟ ਮਾਮਲੇ ਵਿੱਚ ਦਖ਼ਲ ਦੇਵੇ: ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ: ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਅਯੁੱਧਿਆ ਜ਼ਮੀਨ ਖ਼ਰੀਦ ਮਾਮਲੇ ਸਬੰਧੀ ਯੂਪੀ ਸਰਕਾਰ ਵੱਲੋਂ ਦਿੱਤੇ ਜਾਂਚ ਦੇ ਹੁਕਮਾਂ ਨੂੰ ਮਹਿਜ਼ ਵਿਖਾਵਾ ਦੱਸਦਿਆਂ ਸੁਪਰੀਮ ਕੋਰਟ ਨੂੰ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਇੱਥੇ ਇੱਕ ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਇਸ ਮਾਮਲੇ ’ਚ ਖ਼ੁਦ ਦਖ਼ਲ ਦੇਣਾ ਚਾਹੀਦਾ ਹੈ ਕਿਉਂਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਅਯੁੱਧਿਆ ਵਿੱਚ ਰਾਮ ਮੰਦਰ ਬਣਾਇਆ ਜਾ ਰਿਹਾ ਹੈ। ਭਾਜਪਾ ਆਗੂਆਂ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਸਦੇ ਆਗੂਆਂ ਵੱਲੋਂ ਲੁੱਟ ਮਚਾਈ ਜਾ ਰਹੀ ਹੈ ਤੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। -ਪੀਟੀਆਈ